ਭਾਜਪਾ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਖਿਲਾਫ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋ ਗਿਆ। ਇਸ ਵਫਦ ਵਿਚ ਬੀਬੀ ਜਗੀਰ ਕੌਰ, ਬੀਬਾ ਹਰਸਿਮਰਤ ਕੌਰ ਬਾਦਲ, ਸ. ਬਿਕਰਮਜੀਤ ਸਿੰਘ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ. ਬਲਵਿੰਦਰ ਸਿੰਘ ਭੂੰਦੜ ਮੌਜੂਦ ਹਨ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਪਹਿਲਾਂ ਪੀੜਤ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜੋ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਦੇ ਸਮੇਂ ਸ਼ਹੀਦ ਹੋ ਗਏ ਸਨ ਤੇ ਬਾਅਦ ਵਿਚ ਯੂ. ਪੀ. ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਤੇ ਤਾਂ ਜੋ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ।
ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇੱਕ ਵਫਦ ਲਖੀਮਪੁਰ ਖੀਰੀ ਭੇਜਿਆ ਗਿਆ ਸੀ, ਜਿਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।