ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਦੀ ਘਟਨਾ ਨਾਲ ਲੋਕਾਂ ਵਿਚ ਕਾਫੀ ਰੋਸ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਭਾਜਪਾ ਵਲੋਂ ਕਿਸਾਨਾਂ ‘ਤੇ ਕੀਤੇ ਤਸ਼ੱਦਦ ਖਿਲਾਫ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਲਖੀਮਪੁਰ ਖੀਰੀ ਲਈ ਰਵਾਨਾ ਹੋ ਚੁੱਕਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਜਿਸ ਤਰ੍ਹਾਂ ਯੂ. ਪੀ. ਸਰਕਾਰ ਲਖੀਮਪੁਰ ਪੀੜਤਾਂ ਲਈ ਵੱਡੇ ਐਲਾਨ ਕਰ ਰਹੀ ਹੈ, ਉਸੇ ਤਰ੍ਹਾਂ ਦੇ ਐਲਾਨ ਪੰਜਾਬ ਵਿੱਚ ਵੀ ਕੀਤੇ ਜਾਣੇ ਚਾਹੀਦੇ ਹਨ। ਸੂਬਾ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਨਹੀਂ ਮਿਲ ਰਹੀ, ਪਰ ਇਹ ਮੰਗ ਛੇਤੀ ਤੋਂ ਛੇਤੀ ਪੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰ ‘ਤੇ ਪਿਛਲੇ ਲਗਭਗ ਇੱਕ ਸਾਲ ਤੋਂ ਕਿਸਾਨ ਧਰਨੇ ‘ਤੇ ਬੈਠੇ ਹਨ ਤੇ ਇਸ ਅੰਦੋਲਨ ਵਿਚ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਲਈ ਅਜੇ ਤੱਕ ਕੋਈ ਵੱਡਾ ਐਲਾਨ ਨਹੀਂ ਕੀਤਾ ਗਿਆ ਹੈ। ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਭਗ 900 ਪੀੜਤ ਪਰਿਵਾਰਾਂ ਨੂੰ 50-50 ਲੱਖ ਮੁਆਵਜ਼ਾ ਵੀ ਦਿੱਤਾ ਜਾਵੇਗਾ ਤਾਂ ਹੀ ਹੀ ਪੰਜਾਬ ਦੇ ਕਿਸਾਨਾਂ ਨਾਲ ਇਨਸਾਫ ਹੋਵੇਗਾ।
ਕੁਝ ਦਿਨ ਪਹਿਲਾਂ ਲਖੀਮਪੁਰ ਖੀਰੀ ਵਿਖੇ ਹਿੰਸਾ ਦੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ 4 ਕਿਸਾਨਾਂ ਦੀ ਮੌਤ ਹੋ ਗਈ। ਯੂ. ਪੀ. ਸਰਕਾਰ ਵੱਲੋਂ ਇਸ ਹਾਦਸੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਪ੍ਰਤੀ ਪਰਿਵਾਰ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ ਜਦੋਂ ਕਿ ਦਿੱਲੀ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਹੁਣ ਤੱਕ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਸਿਰਫ ਕੁਝ ਹੀ ਕਿਸਾਨਾਂ ਨੂੰ ਨੌਕਰੀ ਦਿੱਤੀ ਗਈ ਹੈ।