ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਸਰਕਾਰੀ ਸਕੂਲ ਵਿੱਚ ਅੱਤਵਾਦੀਆਂ ਦੁਆਰਾ 2 ਅਧਿਆਪਕਾਂ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਨੂੰ ਮੰਦਭਾਗਾ ਦੱਸਿਆ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ।
ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਵਿਵਾਦਗ੍ਰਸਤ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਚਿਤ ਕਦਮ ਚੁੱਕਣ। ਵੱਖ -ਵੱਖ ਅੱਤਵਾਦੀ ਸੰਗਠਨਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਲਗਾਤਾਰ ਅਨਿਸ਼ਚਿਤਤਾ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਚੰਨੀ ਨੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਜਿਨ੍ਹਾਂ ਨੇ ਮਨੁੱਖਤਾ ਦੇ ਵਿਰੁੱਧ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਮੁਤਾਬਕ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਦੂਜਿਆਂ ਲਈ ਅਜਿਹੀ ਘਿਣਾਉਣੀ ਹਰਕਤਾਂ ਨੂੰ ਦੁਹਰਾਉਣ ਦੀ ਹਿੰਮਤ ਨਾ ਹੋਵੇ। ਮੁੱਖ ਮੰਤਰੀ ਨੇ ਜੰਮੂ -ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਾਜ ਪ੍ਰਸ਼ਾਸਨ ਨੂੰ ਇਸ ਮੁਸ਼ਕਲ ਸਮੇਂ ਵਿੱਚ ਦੁਖੀ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਿਰਦੇਸ਼ ਦੇਣ।
ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਚੰਨੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖਸ਼ੇ ਅਤੇ ਵਿਛੜੀ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ।