ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਇਕ ਵੱਡੀ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਇਸ ਸਕੀਮ ਨੂੰ ‘ਮੇਰਾ ਘਰ ਮੇਰੇ ਨਾਮ’ ਨਾਂ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਣ ਵਾਲਿਆਂ ਨੂੰ ਮਾਲਕਾਨਾ ਹੱਕ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਇਸ ਸਕੀਮ ਤਹਿਤ ਮਾਲਕਾਨਾ ਹੱਕ ਦੇਣ ਲਈ ਕੋਈ ਪੈਸਾ ਨਹੀਂ ਲਿਆ ਜਾਵੇਗਾ।
ਸੀ. ਐੱਮ. ਚੰਨੀ ਨੇ ਕਿਹਾ ਇਸ ਯੋਜਨਾ ਤਹਿਤ ਪਿੰਡਾਂ ਵਿਚ ਮੁਫਤ ਰਜਿਸਟਰੀ ਹੋਵੇਗੀ। ਇਸ ਦੇ ਨਾਲ ਹੀ ਸਰਕਾਰ ਐੱਨ. ਆਰ. ਆਈਜ਼. ਦੀ ਸੰਪਤੀ ਦੀ ਸੁਰੱਖਿਆ ਲਈ ਵੀ ਜਲਦ ਹੀ ਕਾਨੂੰਨ ਲੈ ਕੇ ਆਵੇਗੀ। ਲਾਲ ਲਕੀਰ ਮਿਸ਼ਨ ਤਹਿਤ ਡਰੋਨ ਜ਼ਰੀਏ ਸਰਵੇ ਕੀਤਾ ਜਾਵੇਗਾ। ਨਕਸ਼ੇ ਨੂੰ ਲੈ ਕੇ ਇਤਰਾਜ਼ ਜਤਾਉਣ ਲਈ 15 ਦਿਨਾਂ ਦਾ ਸਮਾਂ ਵੀ ਮਿਲੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ । ਉਨ੍ਹਾਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ 2 ਕਿੱਲੋਵਾਟ ਤੱਕ ਦੀ ਸਮਰੱਥਾ ਵਾਲਾ ਕੁਨੈਕਸ਼ਨ ਹੈ, ਉਨ੍ਹਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ।ਜਿਸ ਦਾ ਲਾਭ 52 ਲੱਖ ਦੇ ਕਰੀਬ ਪਰਿਵਾਰਾਂ ਨੂੰ ਮਿਲੇਗਾ । ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਮੁਆਫ਼ ਕਰਵਾਉਣ ਲਈ ਇੱਕ ਫਾਰਮ ਭਰਨਾ ਪਵੇਗਾ, ਜੋ ਕਿ ਤਿਆਰ ਹੋ ਚੁੱਕੇ ਹਨ।