ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮੇਂ ਦੀ ਸੁਚੱਜੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਸੂਬੇ ਦੀ ਬਿਹਤਰੀ ਦੇ ਟੀਚੇ ਪ੍ਰਾਪਤ ਕੀਤੇ ਜਾ ਸਕਣ। ਸਥਾਨਕ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੱਦੇਨਜ਼ਰ ਰਾਜ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ ਕਿਉਂਕਿ ਸ਼ਹਿਰੀ ਵਿਕਾਸ ਸੰਪੂਰਨ ਵਿਕਾਸ ਦਾ ਅਹਿਮ ਹਿੱਸਾ ਹੁੰਦਾ ਹੈ। ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਉਨਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਅਗਲੇ ਕੁਝ ਦਿਨਾਂ ਵਿੱਚ ਹੁਸ਼ਿਆਰਪੁਰ ਨੂੰ 10 ਕਰੋੜ ਰੁਪਏ ਦਿੱਤੇ ਜਾਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਉਪਲਬਧ ਸਮੇਂ ਦਾ ਪੂਰਾ ਢੁਕਵਾਂ ਤੇ ਸੁਚੱਜਾ ਇਸਤੇਮਾਲ ਕਰ ਰਹੀ ਹੈ ਤਾਂ ਜੋ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਰਾਜ ਵਿੱਚ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਜਾ ਸਕੇ। ਉਨਾਂ ਅੱਗੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਬਾਇਓਡਾਇਵਰਸਿਟੀ ਅਤੇ ਸਪੋਰਟਸ ਪਾਰਕ ਬਣਾਇਆ ਜਾਵੇਗਾ ਤਾਂ ਜੋ ਖੇਤਰ ਵਿੱਚ ਬਨਸਪਤੀ ਅਤੇ ਜੀਵਾਂ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਕਤ ਪਾਰਕ ਅਤੇ ਆਉਣ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਜਲਦੀ ਹੀ ਰੱਖਿਆ ਜਾਵੇਗਾ ਅਤੇ ਇਸ ਮੈਡੀਕਲ ਕਾਲਜ ਦੀਆਂ ਕਲਾਸਾਂ ਅਗਲੇ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ। ਉਨਾਂ ਕਿਹਾ ਕਿ ਟੈਂਡਰ ਕੱਢਣ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਸਾਰੇ ਲੋੜੀਂਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਇਸ ਦਾ ਨਿਰਮਾਣ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ। ਉਨਾਂ ਨੇ ਜਿਲਾ ਬਾਰ ਐਸੋਸੀਏਸ਼ਨ ਨੂੰ ਵਕੀਲਾਂ ਦੇ ਚੈਂਬਰਾਂ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇ ਫੰਡ ਦੇਣ ਦਾ ਵੀ ਐਲਾਨ ਕੀਤਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਲਈ 2 ਕਿਲੋਵਾਟ ਤੱਕ ਦੇ 52 ਲੱਖ ਤੋਂ ਵੱਧ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਮੁਆਫ ਕਰਨ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਇਸ ਲਈ 1200 ਕਰੋੜ ਰੁਪਏ ਵੱਖਰੇ ਰੱਖੇ ਗਏ ਸਨ, ਜਿਨਾਂ ਵਿੱਚੋਂ 11 ਕਰੋੜ ਸਿਰਫ ਹੁਸ਼ਿਆਰਪੁਰ ਦੇ ਖਪਤਕਾਰਾਂ ਲਈ ਹਨ। ਉਨਾਂ ਨੇ ਦੁਹਰਾਇਆ ਕਿ ਰਾਜ ਸਰਕਾਰ ਮਾਸਟਰ ਪਲਾਨ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏਗੀ ਜਿਸ ਵਿੱਚ ਮਜਬੂਤ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -:
ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ੍ਰੀ ਚੰਨੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ । ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਖਾਸ ਕਰਕੇ ਗਰੀਬਾਂ ਅਤੇ ਲੋੜਵੰਦਾਂ ਲਈ ਲੋਕ ਪੱਖੀ ਫੈਸਲਿਆਂ ਨੂੰ ਲਾਗੂ ਕਰਨ ਲਈ ਓਵਰਟਾਈਮ ਕੰਮ ਕਰ ਰਹੀ ਹੈ। ਉਨਾਂ ਹਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਕੋਵਿਡ -19 ਮਹਾਂਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਚੰਨੀ ਨੇ ਉਨਾਂ ਨੂੰ ਰੋਜ਼ਮਰਾਹ ਵਰਤੋਂ ਦੀਆਂ ਚੀਜਾਂ ਅਤੇ ਕੁਝ ਨਕਦੀ ਵਾਲੇ ਪੈਕਟ ਵੀ ਦਿੱਤੇ। ਮੁੱਖ ਮੰਤਰੀ ਨੂੰ ਸਿੱਖ ਵੈਲਫੇਅਰ ਸੁਸਾਇਟੀ, ਭਾਈ ਘਨੱਈਆ ਵੈਲਫੇਅਰ ਸੁਸਾਇਟੀ, ਭਗਵਾਨ ਵਾਲਮੀਕ ਵੈਲਫੇਅਰ ਸੁਸਾਇਟੀ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ, ਸਤਿਗੁਰੂ ਵੈਲਫੇਅਰ ਸੋਸਾਇਟੀ ਅਤੇ ਨਗਰ ਨਿਗਮ ਸਫਾਈ ਯੂਨੀਅਨ ਵੈਲਫੇਅਰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਵਿਧਾਇਕ ਅਰੁਣ ਡੋਗਰਾ ਅਤੇ ਵਿਧਾਇਕ ਪਵਨ ਕੁਮਾਰ ਆਦੀਆ ਦੇ ਘਰ ਵੀ ਗਏ, ਜਿੱਥੇ ਉਨਾਂ ਦੋਵਾਂ ਵਿਧਾਇਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨਾਲ ਗੱਲਬਾਤ ਕੀਤੀ। ਵਿਧਾਇਕ ਆਦੀਆ ਦੀ ਰਿਹਾਇਸ਼ ‘ਤੇ ਮੁੱਖ ਮੰਤਰੀ ਨੇ ਪਿੰਡ ਭੀਖੋਵਾਲ ਦੇ ਯੂਥ ਕਲੱਬ ਨੂੰ ਖੇਡ ਕਿੱਟਾਂ ਵੀ ਵੰਡੀਆਂ। ਬਾਅਦ ਵਿੱਚ ਮੁੱਖ ਮੰਤਰੀ ਨੇ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਦੀ ਰਿਹਾਇਸ਼ ਦਾ ਵੀ ਦੌਰਾ ਕੀਤਾ, ਜਿੱਥੇ ਉਨਾਂ ਨੇ ਵਿਧਾਇਕ ਚੱਬੇਵਾਲ ਦੇ ਮਾਪਿਆਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਕਿਹਾ ਕਿ ਸੂਬਾ ਜਲਦੀ ਹੀ ਲਾਗੂ ਕੀਤੇ ਜਾਣ ਵਾਲੇ ਵੱਖ -ਵੱਖ ਭਲਾਈ ਪ੍ਰੋਗਰਾਮਾਂ ‘ਤੇ ਕੰਮ ਕਰ ਰਿਹਾ ਹੈ। ਡਾ: ਚੱਬੇਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ‘ਲਾਲ ਲਕੀਰ’ ਦੇ ਅੰਦਰ ਆਉਂਦੇ ਲੋੜਵੰਦ ਲੋਕਾਂ ਨੂੰ ਮਾਲਕੀ ਦੇ ਅਧਿਕਾਰ ਦੇਣ ਵਿੱਚ ਬਹੁਤ ਮਦਦਗਾਰ ਹੋਵੇਗੀ। ਇਨਾਂ ਦੌਰਿਆਂ ਦੌਰਾਨ ਮੌਜੂਦ ਲੋਕਾਂ ਵਿੱਚ ਵਣ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ, ਮੁਕੇਰੀਆਂ ਦੇ ਵਿਧਾਇਕ ਇੰਦੂ ਬਾਲਾ, ਮੇਅਰ ਸੁਰਿੰਦਰ ਕੁਮਾਰ, ਪ੍ਰਧਾਨ ਜਿਲਾ ਕਾਂਗਰਸ ਕਮੇਟੀ ਡਾ: ਕੁਲਦੀਪ ਨੰਦਾ, ਮੈਂਬਰ ਐਨਆਰਆਈ ਕਮਿਸ਼ਨ ਪੰਜਾਬ ਦਲਜੀਤ ਸਿੰਘ ਸਹੋਤਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੇਸ਼ ਗੁਪਤਾ ਸ਼ਾਮਲ ਸਨ।