ਪਤਨੀ ਨੂੰ 3 ਤਲਾਕ ਦੇਣਾ ਪਤੀ ਨੂੰ ਭਾਰੀ ਪਿਆ। ਪਤਨੀ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖਤੀ ਤੋਂ ਬਾਅਦ ਹੁਣ ਮਾਲੇਰਕੋਟਲਾ ਪੁਲਿਸ ਦੀ ਨੀਂਦ ਟੁੱਟੀ ਹੈ ਤੇ ਇਸ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ।
ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਨਫੀਸ ਬੇਗਮ ਨੇ ਦੱਸਿਆ ਸੀ ਕਿ ਉਸ ਦਾ ਵਿਆਹ 5 ਨਵੰਬਰ 2011 ਨੂੰ ਅਬਦੁਲ ਰਸ਼ੀਦ ਨਾਲ ਹੋਇਆ ਸੀ। ਵਿਆਹ ਸਮੇਂ ਕਾਫੀ ਦਾਜ ਦਿੱਤਾ ਗਿਆ ਸੀ ਪਰ ਸਹੁਰੇ ਵਾਲੇ ਇਸ ਤੋਂ ਖੁਸ਼ ਨਹੀਂ ਸਨ ਅਤੇ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। 27 ਜੂਨ 2019 ਨੂੰ ਪਟੀਸ਼ਨਰ ਦੇ ਪਤੀ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।
ਇਸ ਤੋਂ ਬਾਅਦ ਪਟੀਸ਼ਨਰ ਨੇ ਪਤੀ ਅਤੇ ਸਹੁਰੇ ਦੇ ਖਿਲਾਫ ਐਫਆਈਆਰ ਵੀ ਦਰਜ ਕਰਵਾਈ ਸੀ। ਇਸ ਦੌਰਾਨ 20 ਜੂਨ 2020 ਨੂੰ ਉਸ ਦੇ ਪਤੀ ਨੇ ਉਸ ਨੂੰ ਤਿੰਨ ਵਾਰ ਤਲਾਕ ਦੇ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੀ ਨਵੀਂ ਪਤਨੀ ਨਾਲ ਫੋਟੋ ਦਿਖਾਈ ਗਈ। ਪਟੀਸ਼ਨਰ ਨੇ ਇਸ ਸਬੰਧੀ ਪੁਲਿਸ ਨੂੰ 23 ਜੂਨ 2020 ਅਤੇ 22 ਸਤੰਬਰ 2020 ਨੂੰ ਸ਼ਿਕਾਇਤ ਦਿੱਤੀ, ਪਰ ਨਾ ਤਾਂ ਕੋਈ ਕਾਰਵਾਈ ਹੋਈ ਅਤੇ ਨਾ ਹੀ ਐਫ.ਆਈ.ਆਰ. ਦਰਜ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ ਤੋਂ ਜਵਾਬ ਮੰਗਿਆ ਹੈ। ਇਹ ਮਾਮਲਾ ਇੱਕ ਸਾਲ ਤੋਂ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ ਅਤੇ ਪਿਛਲੀ ਸੁਣਵਾਈ ਤੱਕ ਜਵਾਬ ਦਾਖ਼ਲ ਨਾ ਕਰਨ ’ਤੇ ਹਾਈ ਕੋਰਟ ਨੇ ਪੁਲਿਸ ਨੂੰ ਫਟਕਾਰ ਲਗਾਈ ਸੀ। ਹਾਈਕੋਰਟ ਨੇ ਕਿਹਾ ਕਿ ਜੇਕਰ ਇਸ ਬਾਰੇ ਜਵਾਬ ਨਾ ਦਿੱਤਾ ਗਿਆ ਤਾਂ ਅਗਲੀ ਸੁਣਵਾਈ ‘ਤੇ ਸਰਕਾਰ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ।