ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੇ ਮਾਲ ਮੰਤਰੀ ਅਰੁਣਾ ਚੌਧਰੀ ਨਰਮਾ ਉਤਪਾਦਕਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਗੁਲਾਬੀ ਸੁੰਡੀ ਨਾਲ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਇਹ ਮੀਟਿੰਗ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਪ੍ਰਤੀ ਅਸੀਂ ਆਪਣੀ ਵਚਨਬੱਧਤਾ ‘ਤੇ ਖੜ੍ਹੇ ਹਾਂ। ਗੁਲਾਬੀ ਸੁੰਡੀ ਨਾਲ ਲਗਭਗ 4 ਲੱਖ ਏਕੜ ਜ਼ਮੀਨ ਦੀ ਫਸਲ ਦਾ ਨੁਕਸਾਨ ਹੋਇਆ ਸੀ ਜਿਸ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਗਏ ਸਨ। ਇਸ ਨੁਕਸਾਨ ਲਈ 416 ਕਰੋੜ ਤੋਂ ਵੱਧ ਦੀ ਰਾਹਤ ਕਿਸਾਨਾਂ ਨੂੰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਮੀਂਹ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਲਾਂਕਣ ਕਰਨ ਲਈ ਵੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।
ਡਿਪਟੀ ਕਮਿਸ਼ਨਰ ਬਠਿੰਡਾ ਤੇ ਮੁਕਤਸਰ ਸਾਹਿਬ ਦੀ ਮੀਟਿੰਗ ਵੀ ਕਿਸਾਨਾਂ ਨਾਲ ਹੋਈ ਜਿਸ ਵਿਚ ਕਿਸਾਨਾਂ ਨੇ 20,000 ਪ੍ਰਤੀ ਏਕੜ ਦੀ ਮੰਗ ਕੀਤੀ ਸੀ ਤੇ ਬਾਅਦ ਵਿਚ ਉਨ੍ਹਾਂ ਨੇ 30,000 ਰੁਪਏ ਕਰ ਦਿੱਤੀ। ਅਰੁਣਾ ਚੌਧਰੀ ਨੇ ਕਿਹਾ ਕਿ ਅਸੀਂ 12000 ਪ੍ਰਤੀ ਏਕੜ ਮੁਆਵਜ਼ੇ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ਾ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ।
ਹੋਰ ਦੱਸਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਮਾਨਸਾ, ਸੰਗਰੂਰ ਤੇ ਬਠਿੰਡਾ ਵਿਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਨੂੰ ਜ਼ਿਆਦਾ ਨੁਕਸਾਨ ਹੋਇਆ ਹੈ। ਇਸ ਲਈ ਤਿੰਨ ਸਲੈਬਾਂ ਵਿਚ ਮੁਆਵਜ਼ਾ ਦਿੱਤਾ ਜਾਣਾ ਤੈਅ ਹੋਇਆ ਹੈ ਜਿਸ ਵਿਚ 26 ਤੋਂ 32 ਫੀਸਦੀ ਨੁਕਸਾਨ ਵਿਚ 2000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। 33 ਤੋਂ 75 ਫੀਸਦੀ ਵਿਚ 5400 ਰੁਪਏ ਪ੍ਰਤੀ ਏਕੜ ਤੇ 76 ਤੋਂ 100 ਫੀਸਦੀ ਵਿਚ 12000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਡੀ. ਏ. ਪੀ. ਨੂੰ ਲੈ ਕੇ ਅਰੁਣਾ ਚੌਧਰੀ ਨੇ ਕਿਹਾ ਕਿ ਕੇਂਦਰ ਵੱਲੋਂ ਸਾਡੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ‘ਤੇ ਕੇਂਦਰ ਨੂੰ 6 ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਸਾਨੂੰ ਮੰਗ ਮੁਤਾਬਕ ਡੀ. ਏ. ਪੀ. ਨਹੀਂ ਮਿਲ ਰਿਹਾ। ਕੇਜਰੀਵਾਲ ‘ਤੇ ਤੰਜ ਕੱਸਦਿਆਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸੂਬੇ ਵਿਚ ਨਾ ਤਾਂ ਕਦੇ ‘ਆਪ’ ਦੀ ਸਰਕਾਰ ਬਣੇਗੀ ਤੇ ਨਾ ਹੀ ਉਹ ਕਦੇ ਮੁਆਵਜ਼ਾ ਦੇ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਬਾਰੇ ਵੀ ਚਰਚਾ ਕੀਤੀ ਤੇ ਕਿਹਾ ਕਿ ਅਸੀਂ ਇਸ ਨੂੰ ਰੱਦ ਕਰਵਾ ਕੇ ਰਹਾਂਗੇ। BSF ਤੇ ਕਿਸਾਨੀ ਮਸਲੇ ‘ਤੇ 8 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਜਗਦੀਸ਼ ਟਾਈਟਲਰ ਦੀ ਨਿਯੁਕਤੀ ਸਬੰਧੀ ਜਦੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਰਣਦੀਪ ਨਾਭਾ ਤੋਂ ਸਵਾਲ ਪੁੱਛਿਆ ਗਿਆ ਤਾਂ ਉਹ ਇਸ ਤੋਂ ਪੱਲਾ ਝਾੜਦੇ ਨਜ਼ਰ ਆਏ।