ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੌਰੇ ‘ਤੇ ਹਨ। ਇਥੇ ਪਹੁੰਚ ਕੇ ਉਹ ਸਭ ਤੋਂ ਪਹਿਲਾਂ ਸ਼੍ਰੀ ਦੇਵੀ ਤਾਲਾਬ ਮੰਦਰ ਵਿਚ ਨਤਮਸਤਕ ਹੋਏ। ਇਸ ਮੌਕੇ ਚੰਨੀ ਨੇ ਸ੍ਰੀ ਦੇਵੀ ਤਾਲਾਬ ਮੰਦਿਰ ਵਿਖੇ ਲੰਗਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਲੱਗਣ ਵਾਲੇ ਲੰਗਰ ‘ਤੇ ਹੁਣ ਜੀਐਸਟੀ ਨਹੀਂ ਲੱਗੇਗਾ।
ਮੁੱਖ ਮੰਤਰੀ ਨੇ ਅੱਜ ਸਵੇਰੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਪਹੁੰਚ ਕੇ ਪ੍ਰਮਾਤਮਾ ਪਾਸੋਂ ਪੰਜਾਬ ਦੇ ਲੋਕਾਂ ਦੀ ਸੇਵਾ ਹੋਰ ਵੀ ਸਮਰਪਿਤ ਭਾਵਨਾ ਤੇ ਨਿਮਰਤਾ ਨਾਲ ਕਰਨ ਲਈ ਮਿਹਰਾਂ ਪ੍ਰਾਪਤ ਕੀਤੀਆਂ। ਮੁੱਖ ਮੰਤਰੀ ਚੰਨੀ ਨੇ ਮਾਤਾ ਰਾਣੀ ਜੀ ਦੀ ਬਖਸ਼ਿਸ਼ ਪ੍ਰਾਪਤ ਕਰਦਿਆਂ ਬਿਨਾਂ ਕਿਸੇ ਜਾਤ, ਰੰਗ, ਮਜ਼੍ਹਬ ਤੋਂ ਲੋਕਾਂ ਦੀ ਸੇਵਾ ਕਰਨ ਲਈ ਦੁਆਵਾਂ ਮੰਗੀਆਂ ਤਾਂ ਕਿ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹਰ ਕੀਮਤ ਉੱਤੇ ਬਰਕਰਾਰ ਰੱਖਿਆ ਜਾਵੇਗਾ ਜੋ ਉਹਨਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਮਾਤਾ ਰਾਣੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀਆਂ ਖਾਹਸ਼ਾਂ-ਉਮੰਗਾਂ ਉੱਤੇ ਪੂਰਾ ਉਤਰਨ ਲਈ ਆਪਣੀ ਜ਼ਿੰਮੇਵਾਰੀ ਸੰਜੀਦਗੀ, ਸਮਰਪਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ਉੱਤੇ ਪਾਈ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਉੱਤੇ ਆਉਣ ਦਾ ਸੁਭਾਗ ਪ੍ਰਾਪਤ ਹੋਣ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਭਰਿਆ ਅਹਿਸਾਸ ਹੋਇਆ ਹੈ ਕਿਉਂਕਿ ਦੁਨੀਆਂ ਭਰ ਦੇ ਲੱਖਾਂ ਲੋਕ ਇਸ ਥਾਂ ਤੋਂ ਪ੍ਰੇਰਨਾ ਅਤੇ ਅਸ਼ੀਰਵਾਦ ਹਾਸਲ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਸਥਾਨ ਤੇ ਆ ਕੇ ਸੂਬੇ ਅਤੇ ਇੱਥੋਂ ਦੇ ਵਿਕਾਸ ਅਤੇ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪ੍ਰਮਾਤਮਾ ਦੀ ਮਿਹਰ ਸਦਕਾ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਉੱਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਪੂਰਾ ਕਰਨ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਨਾਲ ਸਨਮਾਨਤ ਕੀਤਾ।
ਇਸ ਮੌਕੇ ਹਾਜ਼ਰ ਸਖ਼ਸ਼ੀਅਤਾਂ ਵਿਚ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਰਮਿੰਦਰ ਆਂਵਲਾ, ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਤੇ ਜਨਰਲ ਸਕੱਤਰ ਰਾਜੇਸ਼ ਵਿੱਜ ਤੇ ਹੋਰ ਵੀ ਹਾਜ਼ਰ ਸਨ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਜਲੰਧਰ ਦੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਮਿਊਂਸਪਲ ਕਾਰਪੋਰੇਸ਼ਨ ਜਲੰਧਰ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਤੇ ਹੋਰ ਵੀ ਹਾਜ਼ਰ ਸਨ।