ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ ਹੈ। ਜਲਦ ਹੀ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਵਿੱਚ ਪਿੜਾਈ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ 15 ਨਵੰਬਰ ਤੋਂ ਮਿੱਲਾਂ ਪਿੜਾਈ ਸ਼ੁਰੂ ਕਰ ਦੇਣਗੀਆਂ। ਗੌਰਤਲਬ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਪੰਜਾਬ ਸਰਕਾਰ ਨੇ ਗੰਨੇ ਦਾ ਖ਼ਰੀਦ ਮੁੱਲ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਸੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਝਾ ਅਤੇ ਦੋਆਬਾ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੰਨੇ ਦੀ ਫ਼ਸਲ ਸਬੰਧੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਮਿੱਲਾਂ ਦੇ 15 ਨਵੰਬਰ ਤੋਂ ਸ਼ੁਰੂ ਹੋਣ ਦਾ ਭਰੋਸਾ ਦਿਵਾਇਆ।
ਕਿਸਾਨਾਂ ਨੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਗੰਨਾ ਉਨ੍ਹਾਂ ਦੇ ਖੇਤਰ ਦੀ ਮੁੱਖ ਫ਼ਸਲ ਹੈ ਅਤੇ ਉਨ੍ਹਾਂ ਦੀ ਕਮਾਈ ਦਾ ਮੁੱਖ ਸਾਧਨ ਹੈ। ਹਾਲਾਂਕਿ, ਇਸ ਵਾਰ ਸੂਬੇ ਦੀਆਂ ਨਿੱਜੀ ਮਿੱਲਾਂ ਨੇ ਅਜੇ ਤੱਕ ਕੈਲੰਡਰ ਪ੍ਰਣਾਲੀ ਦੀ ਪਾਲਣਾ ਨਹੀਂ ਕੀਤੀ ਅਤੇ ਮਿੱਲਾਂ ਨੂੰ ਸਮੇਂ ਸਿਰ ਚਾਲੂ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।