ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋ ਰਹੇ ਇਸ ਵਿਸ਼ੇਸ਼ ਇਜਲਾਸ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਿਰੁੱਧ ਮਤਾ ਪਾਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਵੀ ਪੇਸ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਚੁੱਕੀ ਸੀ। 8 ਤੇ 11 ਨਵੰਬਰ ਨੂੰ ਵਿਸ਼ੇਸ਼ ਇਜਲਾਸ ਹੋਵੇਗਾ।
ਹਾਲਾਂਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਪਹਿਲਾਂ ਵਿਸ਼ੇਸ਼ ਸੈਸ਼ਨ ਲਈ ਇਕ ਦਿਨ ਦਾ ਸਮਾਂ ਰੱਖਿਆ ਗਿਆ ਸੀ, ਜਿਸ ਨੂੰ ਵਧਾ ਕੇ ਹੁਣ ਦੋ ਦਿਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਬਣਾਏ ਗਏ ਤਿੰਨ ਖੇਤੀ ਕਾਨੂੰਨ ਅਤੇ ਕੇਂਦਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ ਸਦਨ ਵਿੱਚ ਚਰਚਾ ਦੇ ਮੁੱਦੇ ਹਨ।
ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਮਹੀਨੇ ਸਾਰੀਆਂ ਪਾਰਟੀਆਂ ਦੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 7 ਨਵੰਬਰ ਦਾ ਸਮਾਂ ਦੇ ਰਹੇ ਹਾਂ। ਚੰਨੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਹੋਣਗੇ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਹੋਣਾ ਮੰਨਿਆ ਜਾ ਰਿਹਾ ਹੈ। ਇਸ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸੂਬਾ ਸਰਕਾਰ ਨਾਲ ਖੜ੍ਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਬੇਅਦਬੀ ਮਾਮਲੇ ‘ਤੇ CM ਚੰਨੀ ਸਰਕਾਰ ਦੀ ਸਾਜ਼ਿਸ਼ ਦਾ ਕੀਤਾ ਵੱਡਾ ਖੁਲਾਸਾ
ਕੇਂਦਰ ਸਰਕਾਰ ਨੇ ਪਿਛਲੇ ਮਹੀਨੇ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਵਿੱਚ ਤਿੱਖਾ ਵਿਰੋਧ ਹੋ ਰਿਹਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਹੋਣਾ ਤੈਅ ਹੈ।
ਗੌਰਤਲਬ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਹੁੰਦੇ ਵੀ ਪੰਜਾਬ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਵਿਚ ਸੋਧਾਂ ਲਈ ਮਤਾ ਪਾਸ ਕੀਤਾ ਗਿਆ ਸੀ ਪਰ ਉਸ ਨੂੰ ਅੱਗੋਂ ਮਨਜ਼ੂਰੀ ਨਹੀਂ ਮਿਲੀ। ਹੁਣ ਵੀ ਇਸ ਮਤੇ ਨੂੰ ਅਮਲੀ ਜਾਮਾ ਪਾਉਣ ਲਈ ਗਵਰਨਰ ਦੀ ਹਰੀ ਝੰਡੀ ਜ਼ਰੂਰੀ ਹੋਵੇਗੀ। ਹਾਲਾਂਕਿ, ਕੇਂਦਰ ਵੱਲੋਂ ਸੰਸਦ ਵਿਚ ਪਾਸ ਤਿੰਨੋਂ ਖੇਤੀ ਕਾਨੂੰਨਾਂ ਨੂੰ ਸੂਬੇ ਰੱਦ ਕਰ ਸਕਦੇ ਹਨ ਜਾਂ ਨਹੀਂ ਇਹ ਭਲਕੇ ਦੇ ਇਜਲਾਸ ਵਿਚ ਸਪੱਸ਼ਟ ਹੋ ਜਾਵੇਗਾ।