ਪੰਜਾਬ ਵਿਧਾਨ ਸਭਾ ਵਿੱਚ ਵੀਰਵਾਰ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਪੰਜਾਬ ਦੇ ਸਕੂਲਾਂ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ ਹੋਵੇਗੀ। ਉਲੰਘਣਾ ਕਰਨ ‘ਤੇ ਸਕੂਲ ਨੂੰ 2 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪਵੇਗਾ। ਇਸ ਦੇ ਨਾਲ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿੱਚ ਵੀ ਪੰਜਾਬੀ ਭਾਸ਼ਾ ਵਿੱਚ ਕੰਮ ਕਰਨਾ ਹੋਵੇਗਾ।
ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਵੀਰਵਾਰ ਨੂੰ ਪੰਜਾਬ ਵਿਧਾਨਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਮਹੱਤਵਪੂਰਨ ਬਿੱਲ, ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021’ ਅਤੇ ‘ਪੰਜਾਬ ਰਾਜ ਭਾਸ਼ਾ (ਸੋਧ) ਬਿੱਲ-2021’ ਪੇਸ਼ ਕੀਤੇ। ਇਨ੍ਹਾਂ ਬਿੱਲਾਂ ਨੂੰ ਵਿਧਾਨ ਸਭਾ ਨੇ ਆਵਾਜ਼ੀ ਵੋਟ ਨਾਲ ਪਾਸ ਕੀਤਾ। ਸੂਬੇ ਦੇ ਸਕੂਲਾਂ ਵਿੱਚ ਪਹਿਲੀ ਤੋਂ 10ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ ਲਈ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021’ ਪਾਸ ਕੀਤਾ ਗਿਆ। ਇਸ ਤਹਿਤ ਜੁਰਮਾਨੇ ਦੀ ਰਕਮ 25,000, 50000 ਅਤੇ 1 ਲੱਖ ਰੁਪਏ ਤੋਂ ਵਧਾ ਕੇ 50000, 1 ਲੱਖ ਅਤੇ 2 ਲੱਖ ਰੁਪਏ ਕਰ ਦਿੱਤੀ ਗਈ ਹੈ।
ਸਦਨ ਨੇ ਦੂਜਾ ਬਿੱਲ, ਪੰਜਾਬ ਰਾਜ ਭਾਸ਼ਾ (ਸੋਧ) ਬਿੱਲ-2021 ਪਾਸ ਕੀਤਾ, ਜਿਸ ਤਹਿਤ ਪੰਜਾਬੀ ਭਾਸ਼ਾ ਵਿੱਚ ਦਫ਼ਤਰੀ ਕੰਮ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜੁਰਮਾਨੇ ਤੋਂ ਇਲਾਵਾ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਪਹਿਲੀ ਵਾਰ ਉਲੰਘਣਾ ਕਰਨ ਵਾਲੇ ਨੂੰ ਸਮਰੱਥ ਅਧਿਕਾਰੀ – ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਸਿਫ਼ਾਰਸ਼ਾਂ ਅਨੁਸਾਰ 500 ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ। ਦੂਜੀ ਵਾਰ ਉਲੰਘਣਾ ਕਰਨ ‘ਤੇ ਇਹ ਜੁਰਮਾਨਾ 2000 ਰੁਪਏ ਅਤੇ ਤੀਜੀ ਵਾਰ 5000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਹ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਵਿੱਚੋਂ ਵਸੂਲਿਆ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਸੂਬੇ ਦੇ ਸਾਰੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਪੜ੍ਹਾਉਣਾ ਲਾਜ਼ਮੀ ਹੋਵੇਗਾ, ਜਦਕਿ ਸੂਬੇ ਦੇ ਸਾਰੇ ਸਾਈਨ ਬੋਰਡਾਂ ਦੇ ਉੱਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਵੀ ਯਕੀਨੀ ਬਣਾਇਆ ਜਾਵੇਗਾ। ਪਰਗਟ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ, ਜਿਸ ਨੂੰ ਪ੍ਰਫੁੱਲਤ ਕਰਨ ਲਈ ਅਸੀਂ ਹਰ ਸੰਭਵ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 23 ਵਿੱਚੋਂ 21 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਭਰਿਆ ਜਾ ਰਿਹਾ ਹੈ। ਇਸੇ ਤਰ੍ਹਾਂ ਰਾਜ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਰਾਜ ਪੱਧਰੀ ਬੋਰਡ ਜਾਂ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸੇ ਤਰਜ਼ ’ਤੇ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਵੀ ਬਣਾਈਆਂ ਜਾਣਗੀਆਂ, ਜੋ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੀਆਂ।
ਵੀਡੀਓ ਲਈ ਕਲਿੱਕ ਕਰੋ -: