ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਸੂਬੇ ਦੇ ਭਾਜਪਾ ਆਗੂ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਐਤਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜਿਸ ਵਿੱਚ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੱਕ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ। ਹੁਣ ਉਹ ਇਸ ਮੰਗ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਜਾ ਰਹੇ ਹਨ।
ਇਸ ਤੋਂ ਬਾਅਦ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕਰਨਗੇ। ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਪਿਛਲੇ ਸਾਲ ਮਾਰਚ ਤੋਂ ਬੰਦ ਹੈ। ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਲਾਂਘੇ ਰਾਹੀਂ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਹੁੰਦੇ ਹਨ।
ਕਰਤਾਰਪੁਰ ਲਾਂਘਾ ਸਿੱਖ ਸ਼ਰਧਾਲੂਆਂ ਲਈ ਅਹਿਮ ਹੈ, ਪਰ ਨੇਤਾਵਾਂ ਲਈ ਇਸ ਦੇ ਸਿਆਸੀ ਪ੍ਰਭਾਵ ਵੀ ਹਨ। ਇਹੀ ਕਾਰਨ ਹੈ ਕਿ ਪਹਿਲਾਂ ਸੀਐੱਮ ਚਰਨਜੀਤ ਚੰਨੀ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਇਹ ਮੰਗ ਉਠਾਈ ਸੀ। ਉਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਾਂਘੇ ਨੂੰ ਦੇਖਣ ਲਈ ਕੁਝ ਦਿਨ ਪਹਿਲਾਂ ਡੇਰਾ ਬਾਬਾ ਨਾਨਕ ਪੁੱਜੇ ਸਨ। ਭਾਜਪਾ ਇਸ ਲਈ ਸਰਗਰਮ ਹੋ ਗਈ ਹੈ ਤਾਂ ਜੋ ਅਗਲੀਆਂ ਚੋਣਾਂ ਵਿੱਚ ਇਸ ਦਾ ਸਿਹਰਾ ਭਾਜਪਾ ਨੂੰ ਮਿਲੇ।
ਵੀਡੀਓ ਲਈ ਕਲਿੱਕ ਕਰੋ -: