ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿਨਕਰ ਗੁਪਤਾ ਦੀ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਮੰਗਲਵਾਰ ਨੂੰ ਖਾਰਜ ਕਰ ਦਿੱਤਾ ਹੈ।
ਜਸਟਿਸ ਐਲ ਨਾਗੇਸ਼ਵਰ ਰਾਓ, ਸੰਜੀਵ ਖੰਨਾ ਅਤੇ ਬੀਆਰ ਗਵਈ ਦੇ ਬੈਂਚ ਨੇ ਆਈਪੀਐਸ ਅਫਸਰ ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫਾ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਨ੍ਹਾਂ ਨੇ 7 ਫਰਵਰੀ, 2019 ਦੇ ਦਿਨਕਰ ਗੁਪਤਾ ਨੂੰ ਪੰਜਾਬ ਡੀਜੀਪੀ ਵਜੋਂ ਨਿਯੁਕਤ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ 15 ਸਤੰਬਰ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਪੀਲਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇੱਥੇ ਦੱਸਣਯੋਗ ਹੈ ਕਿ 1987 ਬੈਚ ਦੇ ਆਈਪੀਐਸ ਅਧਿਕਾਰੀ ਗੁਪਤਾ ਦੇ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਸੀਨੀਅਰ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 21 ਜਨਵਰੀ, 2020 ਨੂੰ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਨੇ ਸੀਨੀਅਰ ਆਈਪੀਐਸ ਅਧਿਕਾਰੀ ਗੁਪਤਾ ਦੀ ਪੰਜਾਬ ਪੁਲਿਸ ਮੁਖੀ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ। ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫਾ ਨੇ ਗੁਪਤਾ ਦੀ ਨਿਯੁਕਤੀ ਨੂੰ ਇਸ ਆਧਾਰ ‘ਤੇ ਚੁਣੌਤੀ ਦਿੱਤੀ ਸੀ ਕਿ ਉਨ੍ਹਾਂ ਨੂੰ ਸੀਨੀਅਰ ਹੋਣ ਦੇ ਬਾਵਜੂਦ “ਅਣਦੇਖਿਆ” ਕੀਤਾ ਗਿਆ। ਮੁਸਤਫਾ 1985 ਬੈਚ ਦੇ ਅਧਿਕਾਰੀ ਹਨ, ਚਟੋਪਾਧਿਆਏ 1986 ਬੈਚ ਦੇ ਅਧਿਕਾਰੀ ਹਨ। ਗੁਪਤਾ 1987 ਬੈਚ ਦੇ ਅਧਿਕਾਰੀ ਹਨ। ਮੁਸਤਫਾ ਅਤੇ ਚਟੋਪਾਧਿਆਏ ਸਮੇਤ ਪੰਜ ਸੀਨੀਅਰ ਅਧਿਕਾਰੀਆਂ ਨੂੰ ਪਿੱਛੇ ਛੱਡਦੇ ਹੋਏ ਗੁਪਤਾ ਨੂੰ 2019 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: