ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ PM ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਮੇਂ ਸਿਰ ਲਾਂਘਾ ਖੋਲ੍ਹਣ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕੈਪਟਨ ਨੇ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ ਤੇ ਗੁਰਪੁਰਬ ਤੋਂ ਪਹਿਲਾਂ ਲਾਂਘਾ ਖੁੱਲ੍ਹਣ ਨਾਲ ਹਜ਼ਾਰਾਂ ਗਿਣਤੀ ਵਿਚ ਸਿੱਖ ਸ਼ਰਧਾਲੂ ਇਸ ਪਵਿੱਤਰ ਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਹਾਸਲ ਕਰ ਸਕਣਗੇ।
ਗੌਰਤਲਬ ਹੈ ਕਿ ਕੇਂਂਦਰ ਵੱਲੋਂ 18 ਨਵੰਬਰ ਨੂੰ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਸਿੱਖ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਹੈ। ਇਹ ਵੀ ਦੱਸਣਯੋਗ ਹੈ ਕਿ 18 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੈਬਨਿਟ ਮੰਤਰੀ ਕਰਤਾਰਪੁਰ ਸਾਹਿਬ ਵਿਖੇ ਜਾ ਰਹੇ ਹਨ।