ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਇਸ ਦੌਰਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਆਪਣੀ ਜਿੱਤ ਦੱਸਣੀ ਸ਼ੁਰੂ ਕਰ ਦਿੱਤੀ ਹੈ।
ਪੀਐੱਮ ਮੋਦੀ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਾਂਗਰਸ ਨੇ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ ਹੈ। ਕਾਂਗਰਸ ਨੇ ਟਵੀਟ ਕਰਕੇ ਕਿਹਾ, ‘ਟੁੱਟਿਆ ਹੰਕਾਰ, ਜਿੱਤਿਆ ਮੇਰੇ ਦੇਸ਼ ਦਾ ਕਿਸਾਨ।’ ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ‘ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਆਪਣੇ ਹੰਕਾਰ ਦਾ ਸਿਰ ਝੁਕਾ ਦਿੱਤਾ। ਬੇਇਨਸਾਫ਼ੀ ਵਿਰੁੱਧ ਇਸ ਜਿੱਤ ‘ਤੇ ਵਧਾਈ! ਜੈ ਹਿੰਦ, ਜੈ ਹਿੰਦ ਦਾ ਕਿਸਾਨ!’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪ੍ਰਕਾਸ਼ ਦਿਵਸ ਵਾਲੇ ਦਿਨ ਕਿੰਨੀ ਵੱਡੀ ਖੁਸ਼ਖਬਰੀ ਮਿਲੀ ਹੈ। ਤਿੰਨੋਂ ਕਾਨੂੰਨ ਰੱਦ ਕਰ ਦਿੱਤੇ ਗਏ ਹਨ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕਿਸਾਨੀ ਤੇ ਕਿਸਾਨਾਂ ਨੂੰ ਬਚਾਇਆ ਸੀ। ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਸਲਾਮ।
ਵੀਡੀਓ ਲਈ ਕਲਿੱਕ ਕਰੋ -: