ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ ਵੱਲੋਂ ਸਿੱਖਾਂ ਖ਼ਿਲਾਫ਼ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਫਰਤ ਭਰੇ ਬਿਆਨ ਦੇਣ ਵਾਲੀ ਕੰਗਨਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਇੰਟਰਨੈੱਟ ਮੀਡੀਆ ‘ਤੇ ਸਿੱਖਾਂ ਪ੍ਰਤੀ ਅਜਿਹੇ ਸ਼ਬਦ ਵਰਤ ਕੇ ਪੋਸਟਾਂ ਪਾ ਰਹੀ ਹੈ। ਇਸ ਦੇ ਨਤੀਜੇ ਘਾਤਕ ਹੋ ਸਕਦੇ ਹਨ। ਕੰਗਨਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਦੇ ਹੋਏ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 1984 ਵਿੱਚ ਸਿੱਖਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕਰਨਾ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੰਗਨਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੰਗਨਾ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: