ਹੁਸ਼ਿਆਰਪੁਰ ਦੇ ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਪਲਹਾੜ ‘ਚ ਪਿਛਲੇ ਦਿਨੀਂ ਸਰਕਾਰੀ ਸਕੂਲ ਦੇ 12 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ ਸਨ, ਜਿਸ ਤੋਂ ਬਾਅਦ ਐੱਸ.ਡੀ.ਐੱਮ ਮੁਕੇਰੀਆਂ ਦੀਆਂ ਹਦਾਇਤਾਂ ‘ਤੇ ਸਕੂਲ ਨੂੰ 10 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ।
ਅੱਜ ਫਿਰ ਤੋਂ 10 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਗਿਣਤੀ 22 ਹੋ ਗਈ ਹੈ। ਇਹ ਜਾਣਕਾਰੀ ਬਲਾਕ ਨੋਡਲ ਅਫਸਰ ਡਾ: ਹਰਮਿੰਦਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ‘ਚ 2 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਸਕੂਲ ‘ਚ ਪੜ੍ਹਨ ਵਾਲੇ 510 ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ‘ਚੋਂ 12 ਵਿਦਿਆਰਥੀ ਪਾਜ਼ੀਟਿਵ ਆਏ ਸਨ, ਜਿਸ ਤੋਂ ਬਾਅਦ ਕੁਝ ਵਿਦਿਆਰਥੀਆਂ ਦੇ ਦੁਬਾਰਾ ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 10 ਵਿਦਿਆਰਥੀ ਜਿਸ ਫਿਰ ਤੋਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਬਲਾਕ ਨੋਡਲ ਅਫਸਰ ਹਰਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਨਤਕ ਥਾਵਾਂ ‘ਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।