ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਨੂੰ ਆਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਰੱਖੀ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਉਹ ਅੱਜ ਆਪਣੇ ਕੁੱਝ ਸਾਥੀਆਂ ਸਣੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਹਨ।
ਸਰਹੱਦ ਪਾਰ ਪੁੱਜਣ ‘ਤੇ ਪੀਐੱਸਜੀਪੀਸੀ ਦੇ ਪ੍ਰਧਾਨ ਆਮਿਰ ਸਿੰਘ ਤੇ ਔਕਾਫ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਵਾਪਸ ਪਰਤਣ ਮਗਰੋਂ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉੱਥੇ ਔਕਾਫ ਬੋਰਡ ਅਤੇ ਪੀਐੱਸਜੀਪੀਸੀ ਦੇ ਅਧਿਕਾਰੀਆਂ ਨਾਲ ਵੀ ਇਸ ਬਾਰੇ ਗੱਲਬਾਤ ਹੋਈ ਸੀ। ਉਨ੍ਹਾਂ ਦੋਵਾਂ ਸਰਕਾਰਾਂ ਨੂੰ ਆਖਿਆ ਕਿ ਉਹ ਸ਼ਰਧਾਲੂਆਂ ਲਈ ਦਰਸ਼ਨ ਕਰਨ ਵਾਸਤੇ ਜਾਣ ਦੇ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ। ਉਨ੍ਹਾਂ ਕਿਹਾ ਕਿ ਇੱਥੇ ਆਉਣ ਲਈ ਰੱਖੀ ਗਈ ਲਾਂਘਾ ਫੀਸ ਅਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਦੋਵੇਂ ਸਰਕਾਰਾਂ ਇਸ ਮਾਮਲੇ ‘ਤੇ ਆਪਸ ਵਿੱਚ ਮਿਲ ਬੈਠ ਕੇ ਵਿਚਾਰ ਕਰਨ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਇਕ ਮਾਡਲ ਵੱਲੋਂ ਕੀਤੇ ਗਏ ਫੋਟੋ ਸ਼ੂਟ ਨਾਲ ਹੋਈ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਵੀ ਵਿਚਾਰਿਆ। ਉਨ੍ਹਾਂ ਦੱਸਿਆ ਕਿ ਪੀਐੱਸਜੀਪੀਸੀ ਵੱਲੋਂ ਮਾਡਲ ਅਤੇ ਪ੍ਰਬੰਧਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: