ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵੱਲੋਂ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਗਈ। ਮੁਹਾਲੀ ਅਦਾਲਤ ਨੇ ਉਨ੍ਹਾਂ ਦਾ ਜੁਡੀਸ਼ੀਅਲ ਰਿਮਾਂਡ 16 ਦਸੰਬਰ ਤੱਕ ਵਧਾ ਦਿੱਤਾ ਹੈ। ਹੁਣ ਉਸ ਨੂੰ ਪਟਿਆਲਾ ਜੇਲ੍ਹ ਵਿੱਚ ਦਿਨ ਕੱਟਣੇ ਪੈਣਗੇ।
ਦੱਸ ਦੇਈਏ ਕਿ ਕਾਂਗਰਸੀ ਆਗੂ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 7 ਦਿਨ ਦੇ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਅਤੇ ਬਾਅਦ ‘ਚ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ।
ਸੁਖਪਾਲ ਖਹਿਰਾ ‘ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ ‘ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਫੰਡ ਇਕੱਠਾ ਹੋਇਆ, ਉਹ ਪਾਰਟੀ ਨੂੰ ਦਿੱਤਾ ਗਿਆ।