ਪੰਜਾਬ ਵਜ਼ਾਰਤ ਵੱਲੋਂ ਅੱਜ ਯਾਨੀ ਵੀਰਵਾਰ ਨੂੰ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ ਬਾਅਦ 3.30 ਵਜੇ ਪੰਜਾਬ ਭਵਨ ਵਿੱਚ ਹੋਵੇਗੀ। ਇਸ ਵਿੱਚ ਸੂਬੇ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ’ਤੇ ਮੋਹਰ ਲਗਾਈ ਜਾ ਸਕਦੀ ਹੈ। ਸੂਬਾ ਸਰਕਾਰ 75 ਫੀਸਦੀ ਤੋਂ ਵੱਧ ਕੋਟਾ ਤੈਅ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਹੋਰ ਰਾਜਾਂ ਦੇ ਮੁਕਾਬਲੇ ਰੁਜ਼ਗਾਰ ਦੇ ਵੱਧ ਮੌਕੇ ਮਿਲ ਸਕਣ।
ਦੱਸ ਦੇਈਏ ਕਿ ਇਸ ਸਬੰਧੀ ਪਹਿਲਾਂ ਹੀ ਕਿਆਸ ਲਗਾਏ ਜਾ ਸਨ ਕਿ ਸਰਕਾਰ ਨੌਕਰੀਆਂ ਨੂੰ ਲੈ ਕੇ ਵੱਡਾ ਦਾਅ ਖੇਡ ਸਕਦੀ ਹੈ। ਹਾਲਾਂਕਿ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਨੂੰ ਲੈ ਕੇ ਕੋਈ ਸਖ਼ਤੀ ਨਹੀਂ ਕਰਨਾ ਚਾਹੁੰਦੀ। ਇਸ ਨਾਲ ਉਨ੍ਹਾਂ ਨੂੰ ਤਿੰਨ ਮਹੀਨੇ ਬਾਅਦ ਹੋਣ ਵਾਲੀਆਂ ਚੋਣਾਂ ਵਿੱਚ ਕਾਰੋਬਾਰੀਆਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: ਸ਼ਹੀਦ ਗੁਰਸੇਵਕ ਸਿੰਘ ਦੇ ਘਰ ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਸੋਡੀਆ ‘ਚ ਛਾਇਆ ਮਾਤਮ, (ਤਸਵੀਰਾਂ)
ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦੀ ਤਿੰਨ ਹਫ਼ਤੇ ਪਹਿਲਾਂ ਹੋਈ ਮੀਟਿੰਗ ਵਿੱਚ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਫਿਕਸ ਕਰਨ ਨੂੰ ਲੈ ਕੇ ਚਰਚਾ ਹੋਈ ਸੀ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਬਣਾਈ ਗਈ ਸੀ। ਇਸ ਤਹਿਤ ਸਰਕਾਰੀ ਨੌਕਰੀਆਂ ਦੇ ਕਾਨੂੰਨ ਵਿੱਚ ਬਦਲਾਅ ਕੀਤੇ ਜਾਣਗੇ। ਇਸ ਦੇ ਨਾਲ ਹੀ ਵਿਭਾਗਾਂ ਅਨੁਸਾਰ ਖਾਲੀ ਅਸਾਮੀਆਂ ਦੀ ਸੂਚੀ ਤਿਆਰ ਕੀਤੀ ਜਾਣੀ ਸੀ। ਇਸ ਸਬੰਧੀ ਸਬ-ਕਮੇਟੀ ਵੱਲੋਂ ਕੈਬਨਿਟ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਅਧਿਆਪਕਾਂ ਤੋਂ ਲੈ ਕੇ ਹਰ ਵਿਭਾਗ ਦੇ ਕੱਚੇ ਮੁਲਾਜ਼ਮ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ । ਸਰਕਾਰੀ ਬੱਸਾਂ ਦਾ ਵੀ ਚੱਕਾ ਜਾਮ ਹੈ । ਚੰਨੀ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ 36,000 ਮੁਲਾਜ਼ਮਾਂ ਨੂੰ ਪੱਕਾ ਕਰੇਗੀ । ਹਾਲਾਂਕਿ ਹਾਲੇ ਤੱਕ ਉਸਨੂੰ ਲੈ ਕੇ ਜ਼ਮੀਨੀ ਪੱਧਰ ‘ਤੇ ਕੋਈ ਨਤੀਜੇ ਸਾਹਮਣੇ ਨਹੀਂ ਆ ਰਹੇ ਹਨ। ਅਜਿਹੇ ਵਿੱਚ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿੱਚ ਹੋ ਰਹੇ ਪ੍ਰਦਰਸ਼ਨਾਂ ਨੂੰ ਖਤਮ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕਾ ਕਰਨ ਲਈ ਵੀ ਚਰਚਾ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: