ਪਿਛਲੇ ਇੱਕ ਸਾਲ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ ਸਮਾਪਤ ਹੋ ਰਿਹਾ ਹੈ। ਦਿੱਲੀ ਬਾਰਡਰ ਤੋਂ ਕਿਸਾਨਾਂ ਦੀ ਰਵਾਨਗੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਦਾ ਜੱਥਾ ਬਿਜਨੌਰ ਲਈ ਰਵਾਨਾ ਕੀਤਾ।
ਗਾਜ਼ੀਪੁਰ ਸਰਹੱਦ ‘ਤੇ ਵੀ ਕਿਸਾਨ ਖੇਤੀਬਾੜੀ ਕਾਨੂੰਨ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਸਾਲ ਤੋਂ ਡਟੇ ਹੋਏ ਸਨ। ਖੇਤੀ ਐਕਟ ਵਾਪਿਸ ਲਏ ਜਾਣ ਤੋਂ ਬਾਅਦ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਨ। ਪਰ ਹੁਣ ਸਰਕਾਰ ਨੇ ਪੱਤਰ ਭੇਜ ਕੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਤੀ ਹਾਂ-ਪੱਖੀ ਰਵੱਈਆ ਦਿਖਾਇਆ ਹੈ। ਸੰਯੁਕਤ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸਾਰਾ ਸਾਲ ਸਰਕਾਰ ਨਾਲ ਗੱਲਬਾਤ ਕਰਦੀਆਂ ਰਹੀਆਂ।
ਇਹ ਵੀ ਪੜ੍ਹੋ : ਕਿਸਾਨਾਂ ਦਾ ਫਤਿਹ ਮਾਰਚ, ਮਹੀਨਿਆਂ ਦੇ ਸੰਘਰਸ਼ ਤੋਂ ਬਾਅਦ ‘ਜਿੱਤ ਕੇ’ ਘਰ ਪਰਤ ਰਹੇ ਨੇ ਕਿਸਾਨ
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੰਦੋਲਨ ਖਤਮ ਨਹੀਂ ਕੀਤਾ, ਸਗੋਂ ਮੁਲਤਵੀ ਕੀਤਾ ਹੈ। ਜੇਕਰ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟੀ ਤਾਂ ਕਿਸਾਨ ਦਿੱਲੀ ਵਿੱਚ ਫਿਰ ਤੋਂ ਪ੍ਰਦਰਸ਼ਨ ਕਰ ਸਕਦੇ ਹਨ। ਅੰਦੋਲਨ ਦੀ ਸਾਰਥਿਕ ਸਮਾਪਤੀ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਕਿਹਾ ਸੀ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨ ਵਾਪਿਸ ਲਵੇਗੀ। ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਸਰਕਾਰ ਨੇ ਵਾਅਦੇ ਮੁਤਾਬਿਕ ਬਿੱਲ ਸੰਸਦ ਵਿੱਚ ਲਿਆਂਦਾ ਅਤੇ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਸੰਸਦ ਵਿੱਚ ਪਾਸ ਕਰ ਦਿੱਤਾ ਗਿਆ। ਜਿਵੇਂ ਹੀ ਇਸ ਬਿੱਲ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਮਨਜ਼ੂਰੀ ਮਿਲੀ ਇੱਕ ਸਾਲ ਤੱਕ ਸਿਆਸੀ ਹੰਗਾਮੇ ਦਾ ਵੀ ਕਾਰਨ ਬਣੇ ਖੇਤੀ ਕਾਨੂੰਨ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: