ਸਿੱਖ ਕੌਮ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਸਭ ਤੋਂ ਛੋਟੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਯਾਨੀ ਕਿ ਅੱਜ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ । ਇਸ ਸਬੰਧੀ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ,”ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ।”
ਦੱਸ ਦੇਈਏ ਕਿ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਪਾਵਨ ਕੁੱਖੋ 1698 ਈ: ਨੂੰ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਸ੍ਰੀ ਆਨੰਦਪੁਰ ਸਾਹਿਬ ਹੋਇਆ। ਕਲਗੀਧਰ ਪਿਤਾ ਮਹਾਰਾਜ ਦੇ ਚੌਹਾਂ ਸਾਹਿਬਜ਼ਾਦਿਆਂ ਵਿੱਚੋਂ ਬਾਬਾ ਫ਼ਤਿਹ ਸਿੰਘ ਜੀ ਸਭ ਤੋਂ ਛੋਟੇ ਸਨ। ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ‘ਤੇ ਸੰਗਤ ਵਿੱਚ ਬੜੀਆਂ ਖੁਸ਼ੀਆਂ ਮਨਾਈਆਂ ਗਈਆਂ ਤੇ ਗੁਰੂ ਨਾਨਕ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਹੋਈ ਸੀ ।
ਗੌਰਤਲਬ ਹੈ ਕਿ ਛੋਟੇ ਸਾਹਿਬਜ਼ਾਦੇ 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਰ ਖਾਂ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤੇ ਗਏ ਸਨ। ਦੋਹਾਂ ਸਾਹਿਬਜ਼ਾਦਿਆਂ ਦੀ ਉਮਰ ਉਸ ਸਮੇਂ ਉਮਰ ਛੇ ਤੇ ਅੱਠ ਸਾਲ ਸੀ।
ਵੀਡੀਓ ਲਈ ਕਲਿੱਕ ਕਰੋ -: