ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਣੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰੰਤੂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ। ਭਾਈ ਰਾਜੋਆਣਾ ਤੇ ਇਨ੍ਹਾਂ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਛੇਤੀ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਟਾਲ-ਮਟੋਲ ਵਾਲਾ ਰਵੱਈਆ ਅਪਣਾਉਣ ਦੇ ਚੱਲਦਿਆਂ ਸੁਪਰੀਮ ਕੋਰਟ ਨੇ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ। ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਦੀ ਅਗਵਾਈ ਵਿੱਚ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਿਲੀਜ਼ ਕੀਤੇ ਗਏ ਕਿਤਾਬਚੇ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੂੰ ਦਿੱਤੇ ਜਾਣ ਵਾਲੇ ਪੈਕਟਾਂ ਦੇ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਵੀ ਨਿੰਦਾ ਕੀਤੀ ਤੇ ਪਾਕਿਸਤਾਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਮਰਾਨ ਖਾਨ ਸਰਕਾਰ ਤੋਂ ਅਜਿਹੀ ਕੁਤਾਬੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।