ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਇੱਕ ਮੰਦਭਾਗੀ ਘਟਨਾ ਵਾਪਰੀ। ਇਥੇ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰੇ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਘਟਨਾ ਸ਼ਾਮ 6 ਵਜੇ ਦੀ ਹੈ, ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।
ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ – ਐਡਵੋਕੇਟ ਧਾਮੀ
ਇਸ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਤੇ ਉਥੇ ਮੌਜੂਦ ਸ਼ਰਧਾਲੂ ਰੋਸ ਵਿੱਚ ਆ ਗਏ। ਇਸ ਤੋਂ ਬਾਅਦ ਦੋਸ਼ੀ ਨੂੰ ਕੁੱਟਿਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਹਾਲਾਂਕਿ ਇਸ ਦੌਰਾਨ ਇਹ ਪਤਾ ਨਹੀਂ ਚੱਲ ਸਕਿਆ ਕਿ ਬੇਅਦਬੀ ਕਰਨ ਦੀ ਇਹ ਕੋਸ਼ਿਸ਼ ਜਾਣਬੁੱਝ ਕੇ ਕੀਤੀ ਗਈ ਸੀ ਜਾਂ ਨਹੀਂ। ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਨੌਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਰੱਖੀ ਤਲਵਾਰ ਚੁੱਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਰੱਖੇ ਫੁੱਲਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੱਚਖੰਡ ‘ਚ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਕੇ ਹਰਿਮੰਦਰ ਸਾਹਿਬ ‘ਚ ਤਾਇਨਾਤ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਹਵਾਲੇ ਕਰ ਦਿੱਤਾ ਸੀ। ਟਾਸਕ ਫੋਰਸ ਦੇ ਮੈਂਬਰਾਂ ਨੇ ਤੁਰੰਤ ਨੌਜਵਾਨ ਨੂੰ ਬਾਹਰ ਕੱਢਿਆ ਪਰ ਭੀੜ ਨੇ ਉਸ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।