ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਘਟਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਇਸ ਤੋਂ ਪਹਿਲਾਂ ਵੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਵਿੱਤਰ ਸਰੋਵਰ ‘ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਹੁਣ ਮੁੜ ਦੁਸ਼ਟ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਦਿਲ ਹੈ ਅਤੇ ਜੇ ਕੋਈ ਸਿੱਖਾਂ ਦੇ ਦਿਲ ਉੱਤੇ ਪੈਰ ਰੱਖ ਕੇ ਆਸ ਰੱਖੇ ਕਿ ਮੈਂ ਜ਼ਿੰਦਗੀ ਜਿਊਂ ਲਵਾਂਗਾ ਤਾਂ ਇਹ ਉਸ ਦੀ ਗਲਤਫਹਿਮੀ ਹੈ। ਉਹਨਾਂ ਕਿਹਾ ਕਿ ਇਸ ਅਸਥਾਨ ਉੱਤੇ ਵੱਡੇ-ਵੱਡੇ ਪਾਪੀ ਚੜ੍ਹ ਕੇ ਆਏ ਪਰ ਸਿੱਖਾਂ ਨੇ ਕਿਸੇ ਨੂੰ ਵੀ ਬਰਦਾਸ਼ਤ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਮਰਤਾ ਨਾਲ ਸੀਸ ਝੁਕਾ ਕੇ ਦਰਬਾਰ ਸਾਹਿਬ ਨਤਮਸਤਕ ਹੁੰਦਾ ਹੈ ਤਾਂ ਉਨ੍ਹਾਂ ਦੀਆਂ ਅਰਦਾਸਾਂ ਨੂੰ ਫਲ ਜ਼ਰੂਰ ਲੱਗਦੇ ਨੇ ਪਰ ਜਦੋਂ ਵੀ ਕਿਸੇ ਨੇ ਇਸ ਅਸਥਾਨ ਵੱਲ ਕੈਰੀ ਨਿਗਾਹ ਨਾਲ ਦੇਖਿਆ ਤਾਂ ਸਿੱਖਾਂ ਨੇ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ ਅਤੇ ਅੱਗੇ ਵੀ ਦਿੰਦੇ ਰਹਿਣਗੇ। ਉਨ੍ਹਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਦਾ ਦੌਰ ਹੈ ਅਤੇ ਇਸ ਦੌਰ ‘ਚ ਅਜਿਹੀਆਂ ਘਟੀਆ ਹਰਕਤਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਜੇਕਰ ਕਿਸੇ ਹੋਰ ਥਾਂ ਵੀ ਅਜਿਹੇ ਦੋਸ਼ੀ ਦਾ ਸੋਧਿਆ ਲਾਇਆ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਜਾਂ ਸਰਕਾਰ ਹੋਵੇਗੀ ਜਾਂ ਫਿਰ ਉਹ ਦੋਸ਼ੀ ਖੁਦ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਿਨੌਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: