ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਪੰਜ ਸਿੰਘ ਸਾਹਿਬਾਨਾਂ ਨਾਲ ਇੱਕ ਮੀਟਿੰਗ ਸੱਦੀ ਗਈ, ਜਿਸ ਵਿੱਚ ਇਨ੍ਹਾਂ ਸਾਹਮਣੇ ਆ ਰਹੀਆਂ ਮੰਦਭਾਗੀ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕੀਤੀ ਗਈ।
ਲਗਾਤਾਰ ਸਾਹਮਣੇ ਆ ਰਹੀਆਂ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਜਥੇਦਾਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰੂ ਘਰਾਂ ਦੀ ਸੁਰੱਖਿਆ ਦੇ ਢੁਕਵੇਂ ਤੇ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਕਿਹਾ ਗਿਆ ਕਿ ਪਿਛਲੇ ਕਈ ਸਾਲਾਂ ਤੋਂ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪਹਿਲਾਂ ਇਹ ਘਟਨਾਵਾਂ ਪਿੰਡਾਂ-ਕਸਬਿਆਂ ਦੇ ਗੁਰਦੁਆਰਿਆਂ ਤੋਂ ਸਾਹਮਣੇ ਆਉਂਦੀਆਂ ਸਨ ਪਰ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚ ਗਈਆਂ ਹਨ।
ਕਈ ਵਾਰ ਦੋਸ਼ੀਆਂ ਨੂੰ ਫੜਿਆ ਵੀ ਗਿਆ ਪਰ ਅੱਜ ਤੱਕ ਕਿਸੇ ਇਕ ਵੀ ਦੋਸ਼ੀ ਨੂੰ ਕਾਨੂੰਨ ਅਤੇ ਅਦਾਲਤਾਂ ਅਜਿਹੀ ਕੋਈ ਸਜ਼ਾ ਨਹੀਂ ਦੇ ਸਕੀਆਂ, ਤਾਂ ਜੋ ਭਵਿੱਖ ਵਿੱਚ ਲੋਕਾਂ ਨੂੰ ਸਬਕ ਮਿਲ ਸਕੇ। ਸਰਕਾਰਾਂ ਦੀਆਂ ਖੁਫੀਆ ਏਜੰਸੀਆਂ ਵੀ ਇਨ੍ਹਾਂ ਪਿੱਛੇ ਲੁਕਵੀਆਂ ਤਾਕਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਮਕਸਦ ਨੂੰ ਸਾਹਮਣੇ ਲਿਆਉਣ ‘ਚ ਬੇਵੱਸ ਨਜ਼ਰ ਆ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਉਸ ਦੀਆਂ ਜਾਂਚ ਏਜੰਸੀਆਂ, ਖ਼ੁਫੀਆ ਤੰਤਰ ਤੇ ਨਿਆਂਪਾਲਿਕਾ ਤੁਰੰਤ ਬਣਦੀ ਜ਼ਿੰਮੇਵਾਰੀ ਨਿਭਾਉਣ ਵਿਚ ਅੱਗੇ ਆ ਜਾਂਦੇ ਤਾਂ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਕਾਇਮ ਹੋਈ ਫਿਰਕੂ ਸਦਭਾਵਨਾ ਤੇ ਹਿੰਦੂ-ਸਿੱਖ ਏਕਤਾ ਨੂੰ ਤੋੜਨ ਦੀਆਂ ਨਾਪਾਕ ਸਾਜ਼ਿਸ਼ਾਂ ਕਰਨ ਵਾਲਿਆਂ ਦੇ ਮੂੰਹ ‘ਤੇ ਕਰਾਰੀ ਚਪੇੜ ਵੱਜਣੀ ਸੀ।
ਅਖੀਰ ਵਿੱਚ ਸ੍ਰੀ ਅਕਾਲ ਤਖਤ ਜਥੇਦਾਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 27 ਦਸੰਬਰ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਪਾਵਨ ਪਵਿੱਤਰ ਅਸਥਾਨ ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਉਨ੍ਹਾਂ ਇਸ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਜਥੇਬੰਦੀਆਂ ਅਤੇ ਹਰੇਕ ਮਾਈ ਭਾਈ ਨੂੰ ਮਿਤੀ 27 ਦਸੰਬਰ ਨੂੰ ਸਵੇਰੇ 10.00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਅਤੇ ਨੌਜਵਾਨ ਪੀੜੀ ਨੂੰ ਅਜਿਹੇ ਸ਼ਹੀਦੀ ਦਿਹਾੜਿਆਂ ਤੇ ਸ਼ਹੀਦਾਂ ਦੀਆਂ ਗਾਥਾਵਾਂ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਨਸ਼ਿਆਂ ਤੇ ਪੱਤਿਤ-ਪੁਣੇ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਹੋ ਸਕਣ।