ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਵਿਧਾਇਕ ਫਤਿਹਜੰਗ ਬਾਜਵਾ ਅੱਜ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋ ਰਹੇ ਹਨ।
ਦੱਸ ਦੇਈਏ ਕਿ ਫਤਿਹਜੰਗ ਸਿੰਘ ਬਾਜਵਾ ਇਸ ਸਮੇਂ ਕਾਦੀਆਂ ਹਲਕੇ ਤੋਂ ਵਿਧਾਇਕ ਹਨ। ਫਤਿਹਜੰਗ ਸਿੰਘ ਬਾਜਵਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ। ਫਤਿਹਜੰਗ ਸਿੰਘ ਬਾਜਵਾ ਦਾ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਣਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਮਾਝੇ ਵਿੱਚ ਇੱਕ ਬਹੁਤ ਵੱਡਾ ਝਟਕਾ ਹੈ। ਵਿਧਾਇਕ ਫਤਿਹਜੰਗ ਸਿੰਘ ਬਾਜਵਾ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿੱਥੇ ਉਹ ਕਾਂਗਰਸ ਛੱਡ ਭਾਜਪਾ ਦੇ ਵਿੱਚ ਸ਼ਾਮਿਲ ਹੋਣਗੇ।
ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਇੱਕ ਤੋਂ ਬਾਅਦ ਇੱਕ ਸਿਆਸਤ ਦੇ ਕਈ ਵੱਡੇ ਨਾਮ ਲਗਾਤਾਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਇਲਾਵਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਅੱਜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਬਾਜਵਾ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ ਸੀ। ਹਾਲਾਂਕਿ ਕਾਦੀਆਂ ਸੀਟ ਤੋਂ ਪ੍ਰਤਾਪ ਸਿੰਘ ਬਾਜਵਾ ਵੀ ਦਾਅਵਾ ਪੇਸ਼ ਕਰ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਦੀਆਂ ਤੋਂ ਚੋਣ ਲੜਨਗੇ ਪਰ ਕਿਸ ਦੇ ਖਿਲਾਫ ਹੋਵੇਗਾ ਇਹ ਸਮਾਂ ਆਉਣ ‘ਤੇ ਪਤਾ ਲੱਗੇਗਾ। ਇਸ ਤੋਂ ਪਹਿਲਾਂ ਕੈਪਟਨ ਦੇ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: