ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕੋਵਿਡ-19 ਦੇ ਨਵੇਂ ਮਾਮਲਿਆਂ ‘ਚ ਵਾਧਾ ਹੋਇਆ ਹੈ। ਮੰਗਲਵਾਰ ਨੂੰ ਦਿੱਲੀ ਵਿੱਚ 496 ਮਾਮਲੇ ਦਰਜ ਕੀਤੇ ਗਏ। ਇਸ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕੋਵਿਡ-19 ਦੇ ਮਾਮਲਿਆਂ ‘ਚ ਤੇਜ਼ੀ ਦਾ ਕਾਰਨ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਓਮੀਕਰੋਨ ਦੇ ਕਿਸੇ ਵੀ ਮਰੀਜ਼ ਨੂੰ ਆਕਸੀਜਨ ਦੀ ਜ਼ਰੂਰਤ ਨਹੀਂ ਹੁੰਦੀ।
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ, ‘ਕੱਲ੍ਹ (ਮੰਗਲਵਾਰ) 496 ਨਵੇਂ ਮਾਮਲੇ ਸਾਹਮਣੇ ਆਉਣ ਨਾਲ, ਦਿੱਲੀ ‘ਚ ਕੋਵਿਡ-19 ਦੀ ਸਕਾਰਾਤਮਕ ਦਰ ਲਗਭਗ 1 ਫੀਸਦੀ ਹੈ। ਅੰਤਰਰਾਸ਼ਟਰੀ ਉਡਾਣਾਂ ਦੇ ਆਉਣ ਨਾਲ ਮਾਮਲੇ ਵਧੇ ਹਨ। ਓਮੀਕਰੋਨ ਦੇ ਇੱਕ ਵੀ ਮਰੀਜ਼ ਨੂੰ ਹੁਣ ਤੱਕ ਆਕਸੀਜਨ ਸਹਾਇਤਾ ਦੀ ਲੋੜ ਨਹੀਂ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ਭਰ ਵਿੱਚ ਓਮੀਕਰੋਨ ਵੇਰੀਐਂਟ ਦੇ 781 ਮਾਮਲੇ ਸਾਹਮਣੇ ਆਏ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਓਮੀਕਰੋਨ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ ਸੰਕਰਮਿਤਾਂ ਦੀ ਗਿਣਤੀ 238 ਹੋ ਗਈ ਹੈ, ਜਿਨ੍ਹਾਂ ਵਿੱਚੋਂ 57 ਲੋਕ ਠੀਕ ਹੋ ਚੁੱਕੇ ਹਨ।
ਕੋਰੋਨਾ ਵਾਇਰਸ ਦੇ ਵਧਦੇ ਸੰਕਰਮਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਕੋਰੋਨਾ ਵਾਇਰਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ।ਤੁਹਾਨੂੰ ਦੱਸ ਦਈਏ ਕਿ ਜੇਕਰ ਲਗਾਤਾਰ ਦੋ ਦਿਨਾਂ ਤੱਕ ਸਕਾਰਾਤਮਕਤਾ ਦਰ 0.5 ਫ਼ੀਸਦ ਰਹਿੰਦੀ ਹੈ ਜਾਂ ਇੱਕ ਹਫ਼ਤੇ ਵਿੱਚ 1500 ਨਵੇਂ ਕੇਸ ਆਉਣੇ ਸ਼ੁਰੂ ਹੋ ਜਾਂਦੇ ਹਨ ਜਾਂ ਫਿਰ ਹਸਪਤਾਲਾਂ ਵਿੱਚ ਔਸਤਨ, ਜੇਕਰ 500 ਆਕਸੀਜਨ ਬੈੱਡ ਭਰਨ ਲੱਗਦੇ ਹਨ, ਤਾਂ ਯੈਲੋ ਅਲਰਟ ਦਾ ਐਲਾਨ ਕੀਤਾ ਜਾਂਦਾ ਹੈ।
ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਇਕ ਵਾਰ ਫਿਰ ਤੋਂ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ ਅਤੇ ਯੈਲੋ ਅਲਰਟ ਦੇ ਤਹਿਤ ਸਕੂਲ-ਕਾਲਜ, ਜਿੰਮ, ਸਿਨੇਮਾ ਹਾਲ ਸਮੇਤ ਕਈ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਦਿੱਲੀ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਰਹੇਗਾ। ਮਲਟੀਪਲੈਕਸ, ਬੈਂਕੁਇਟ ਹਾਲ, ਸਪਾ, ਜਿੰਮ ਅਤੇ ਮਨੋਰੰਜਨ ਪਾਰਕਾਂ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ‘ਤੇ ਪੂਰਨ ਪਾਬੰਦੀ ਰਹੇਗੀ। ਦੁਕਾਨਾਂ ਅਤੇ ਮਾਲ ਔਡ-ਈਵਨ ਆਧਾਰ ‘ਤੇ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ। ਮੈਟਰੋ ਅਤੇ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲਣਗੀਆਂ ਅਤੇ ਬੱਸਾਂ ਵਿੱਚ ਖੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿੱਚ ਸਿਰਫ਼ 20 ਲੋਕਾਂ ਨੂੰ ਹੀ ਇਜਾਜ਼ਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: