ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ ਅਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਰਫ ਲੋਕਾਂ ਦਾ ਬਲਕਿ ਸੂਬੇ ਵਿਚ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਦਾ ਵੀ ਵਿਸ਼ਵਾਸ ਗੁਆ ਲਿਆ ਹੈ।
ਸ਼ਾਮਚੁਰਾਸੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਸੰਧਰ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਵਰਿੰਦਰ ਸਿੰਘ ਪਰਿਹਾਰ ਦੇ ਹੱਕ ਵਿਚ ਵਿਸ਼ਾਲ ਜਨਤਕ ਰੈਲੀਆਂ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਚੋਣਾਂ ਦੇ ਮੌਕੇ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਅੰਨੀ ਦੌੜ ਲੱਗੀ ਹੋਈ ਹੈ ਅਤੇ ਹਰ ਕੋਈ ਆਪਣੇ ਆਪ ਨੁੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਨੀ ਕੁਰਸੀ ਨੁੰ ਚਿੰਬੜਿਆ ਰਹਿਣਾ ਚਾਹੁੰਦਾ ਹੈ ਜਦੋਂ ਕਿ ਪਾਰਟੀ ਲੀਡਰਸ਼ਿਪ ਨਹੀਂ ਚਾਹੁੰਦੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ਦਾ ਮੁੜ ਦਾਅਵੇਦਾਰ ਬਣੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਡਫਲੀ ਵਜਾ ਰਿਹਾ ਹੈ ਅਤੇ ਰੋਜ਼ ਚੰਨੀ ਨੁੰ ਜ਼ਲੀਲ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅੱਜ ਕਾਂਗਰਸ ਦੇ ਖਿਲਾਫ ਹਨ ਕਿਉਂਕਿ ਇਸ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਸੇ ਲਈ ਆਉਂਦੇ ਦਿਨਾਂ ਵਿਚ ਕਾਂਗਰਸ ਖੇਰੁੰ-ਖੇਰੂੰ ਹੁੰਦੀ ਨਜ਼ਰ ਆਵੇਗੀ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ ਕਿ ਪ੍ਰਧਾਨ ਮੰਤਰੀ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੁੰ ਆਪਣੀ ਆਉਂਦੀ ਫੇਰੀ ਦੌਰਾਨ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੁੰ ਦੇਣ ਦਾ ਐਲਾਨ ਕਰਨ ਦੇ ਨਾਲ ਨਾਲ ਸੂਬੇ ਨੁੰ ਇਹ ਵਿਸ਼ਵਾਸ ਦਿਵਾਉਣਾ ਚਾਹੀਦਾ ਹੈ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ। ਉਨ੍ਹਾਂ ਨੂੰ ਇਸ ਮੌਕੇ ਕਿਸਾਨੀ ਕਰਜ਼ਾ ਮੁਆਫੀ ਦਾ ਐਲਾਨ ਵੀ ਕਰਨਾ ਚਾਹੀਦਾ ਹੈ, ਤਾਂ ਜੋ ਸੂਬੇ ਵਿਚ ਖੇਤੀਬਾੜੀ ਅਰਥਚਾਰਾ ਸੁਰਜੀਤ ਕੀਤਾ ਜਾ ਸਕੇ। ਇਸ ਦੌਰਾਨ ਦੋਹਾਂ ਥਾਵਾਂ ’ਤੇ ਵਿਸ਼ਾਲ ਇਕੱਠਾਂ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਦੀਆਂ ਚੋਣਾਂ ਵਿਚ ਇਕੱਲੌਤੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਹਮੇਸ਼ਾ ਸੂਬੇ ਦੇ ਹੱਕਾਂ ਵਾਸਤੇ ਡਟਦਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਆਗੂ ਸੁਰੱਖਿਆ ਕਵਚ ਹਾਸਲ ਕਰਨ ਵਾਸਤੇ ਚਲੇ ਗਏ ਹਨ ਅਤੇ ਕੁਝ ਹੋਰ ਆਪਣੇ ਵਪਾਰਕ ਹਿੱਤਾਂ ਦੀ ਰਾਖੀ ਵਾਸਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਆਪਣੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਪਿੱਠ ਵਿਚ ਛੁਰੇ ਮਾਰਨ ਵਾਲਿਆਂ ਨੁੰ ਕਦੇ ਵੀ ਵਾਪਸ ਨਹੀਂ ਲਵਾਂਗੇ। ਸੁਖਬੀਰ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਮਹਿੰਦਰ ਕੌਰ ਜੋਸ਼ ਨੁੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਸਰਦਾਰ ਬਾਦਲ ਨੇ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਇਹ ਮੰਤਰਾਲਾ ਨਾ ਸਿਰਫ ਕੰਡੀ ਇਲਾਕੇ ਦੇ ਵਿਕਾਸ ਦਾ ਕੰਮ ਵੇਖੇਗਾ ਬਲਕਿ ਇਸਨੁੰ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ। ਕਿਸਾਨਾਂ ਨੁੰ ਪਹਿਲ ਦੇ ਆਧਾਰ ’ਤੇ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਜੰਗਲੀ ਜਾਨਵਰਾਂ ਤੋਂ ਫਸਲਾਂ ਦੇ ਉਜਾੜੇ ਦੀ ਰੋਕਥਾਮ ਕਰਨ ਸਮੇਤ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਹਰ ਬਲਾਕ ਵਿਚ ਮੈਗਾ ਸਕੂਲ ਖੋਲ੍ਹੇ ਜਾਣਗੇ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਲਈ ਤਕਨੀਕੀ ਸਿੱਖਿਆ ਸੰਸਥਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਰੱਖੀਆਂ ਜਾਣਗੀਆਂ। ਵਿਦਿਆਰਥੀਆਂ ਨੂੰ ਭਾਰਤ ਅਤੇ ਵਿਦੇਸ਼ਾ ਵਿਚ ਉਚੇਰੀ ਸਿੱਖਿਆ ਵਾਸਤੇ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਨੌਜਵਾਨ ਉਦਮੀਆਂ ਨੁੰ ਆਪਣਾ ਕੰਮ ਸ਼ੁਰੂ ਕਰਨ ਵਾਸਤੇ 5 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।