ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਦੱਸਿਆ ਕਿ ਦਿੱਲੀ ਵਿਖੇ ਚਲਦੇ ਕਿਸਾਨ ਅੰਦੋਲਨ ਦੇ ਦਬਾਅ ਸਦਕਾ ਬੇਸ਼ੱਕ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਉੱਪਰ ਦਰਜ ਹੋਏ ਕੇਸ ਰੱਦ ਨਹੀਂ ਕੀਤੇ ਗਏ, ਨਾ ਹੀ ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ ਮਿਲਿਆ ਹੈ ਅਤੇ ਐਮਐਸਪੀ ਸਮੇਤ ਬਾਕੀ ਮੰਗਾਂ ਉੱਪਰ ਕੋਈ ਅਮਲ ਨਹੀਂ ਕੀਤਾ ਗਿਆ।ਜਿਸ ਕਰਕੇ ਅੰਦੋਲਨ ਹਾਲੇ ਬਾਕੀ ਹੈ। ਮੋਦੀ ਦੀ ਹੱਠ ਦੇ ਕਾਰਨ ਹੀ ਦਿੱਲੀ ਮੋਰਚਾ ਲਾਉਣਾ ਪਿਆ ਜਿਸ ਵਿੱਚ ਕਰੀਬ 700 ਕਿਸਾਨਾਂ ਨੂੰ ਆਪਣੀ ਜਾਨ ਗਵਾਉਣੀ ਪਈ ।ਫਾਸ਼ੀਵਾਦੀ ਹਕੂਮਤ ਦੇ ਮੁਖੀ ਮੋਦੀ ਦੀ ਪੰਜਾਬ ਫੇਰੀ ਕਿਸਾਨਾਂ ਦੇ ਜ਼ਖ਼ਮਾਂ ਉੱਪਰ ਨਮਕ ਛਿੜਕਣਾ ਹੈ।
ਕਿਰਤੀ ਕਿਸਾਨ ਯੂਨੀਅਨ ਵੱਲੋਂ ਫਾਸ਼ੀਵਾਦੀ ਹਕੂਮਤ ਦੇ ਮੁਖੀ ਮੋਦੀ ਦੀ ਪੰਜਾਬ ਫੇਰੀ ਮੌਕੇ ਪੰਜਾਬ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਮੋਦੀ ਦੀ ਅਰਥੀ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ । ਚੋਣਾਂ ਦੌਰਾਨ ਵੀ ਰਾਜਨੀਤਕ ਪਾਰਟੀਆਂ ਦੀਆਂ ਕਾਰਪੋਰੇਟ ਪੱਖੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਬੇਪਰਦ ਕੀਤਾ ਜਾਵੇਗਾ ।ਇਸ ਮੌਕੇ ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਯੂਥ ਵਿੰਗ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: