ਖੇਮਕਰਨ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਔਰਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਮਾਤ ਪਾ ਦੇਣਗੀਆਂ ਅਤੇ ਖੇਤਰੀ ਪਾਰਟੀ ਵਿਚ ਵਿਸ਼ਵਾਸ ਜਤਾਉਣਗੀਆਂ ਜਿਸਨੇ ਹਮੇਸ਼ਾ ਉਨ੍ਹਾਂ ਦੀਆਂ ਇੱਛਾਵਾਂ ਦੀ ਰਾਖੀ ਕੀਤੀ।
ਇਥੇ ਔਰਤਾਂ ਦੇ ਰਿਕਾਰਡ ਇਕੱਠ ਜੋ ਇਸ ਸਰਹੱਦੀ ਪੱਟੀ ਵਿਚ ਪਹਿਲਾਂ ਕਦੇ ਨਹੀਂ ਹੋਇਆ, ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਅਕਾਲੀ ਦਲ ਦੀ ਹਮਾਇਤ ਵਿਚ ਇੰਨੀ ਵੱਡੀ ਗਿਣਤੀ ਵਿਚ ਨਿੱਤਰਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਤੁਸੀਂ ਅੱਜ ਸਾਬਤ ਕਰ ਦਿੱਤਾ ਹੈ ਕਿ ਜਦੋਂ ਔਰਤ ਫੈਸਲਾ ਕਰ ਲੈਂਦੀ ਹੈ ਤਾਂ ਭਾਵੇਂ ਕੁਝ ਵੀ ਹੋ ਜਾਵੇ, ਫੈਸਲੇ ’ਤੇ ਕਾਇਮ ਰਹਿੰਦੀ ਹੈ। ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਜਿਵੇਂ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਜਿੱਤ ਵਿਚ ਔਰਤਾਂ ਨੇ ਵੱਡਾ ਰੋਲ ਅਦਾ ਕੀਤਾ। ਪੰਜਾਬ ਦੀਆਂ ਔਰਤਾਂ ਵੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਜਿੱਤ ਵਿਚ ਅਹਿਮ ਰੋਲ ਅਦਾ ਕਰਨਗੀਆਂ।
ਹਰਸਿਮਰਤ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕੋਈ ਨਵੀਂਆਂ ਨਹੀਂ ਹਨ। ਪੰਜਾਬ ਚੋਣਾਂ ਮੌਕੇ ਇਹ ਹਮੇਸ਼ਾ ਘੜੀਆਂ ਜਾਂਦੀਆਂ ਹਨ। 2012 ਵਿਚ ਤੁਸੀਂ ਵੇਖਿਆ ਕਿ ਪੀਪਲਜ਼ ਪਾਰਟੀ ਆਫ ਪੰਜਾਬ (ਪੀ ਪੀ ਪੀ) ਬਣਾਈ ਗਈ ਜੋ ਚੋਣਾਂ ਤੋਂ ਬਾਅਦ ਭੰਗ ਕਰ ਦਿੱਤੀ ਗਈ ਤੇ ਫਿਰ ਕਾਂਗਰਸ ਪਾਰਟੀ ਵਿਚ ਉਸਦਾ ਰਲੇਵਾਂ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਕਾਂਗਰਸ ਤੇ ਭਾਜਪਾ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਲਈ ਪੱਬਾਂ ਭਾਰ ਹੋਈਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜ ਸਾਲਾਂ ਤੱਕ ਬੇਅਦਬੀ ਦੀਆਂ ਘਟਨਾਵਾਂ ਦਾ ਸਿਆਸੀਕਰਨ ਕੀਤਾ ਤੇ ਹੁਣ ਵੀ ਸ੍ਰੀ ਦਰਬਾਰ ਸਾਹਿਬ ਵਿਚ ਹਾਲ ਹੀ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਕਾਰਵਾਈ ਕਰਨ ਤੋਂ ਇਨਕਾਰੀ ਹੈ ਜਦੋਂ ਕਿ ਭਾਜਪਾ ਸਿੱਧੇ ਤੌਰ ’ਤੇ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਡੀ ਬੇਅਦਬੀ ਕੀਤੀ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਦਸਮ ਪਿਤਾ ਦੇ ਨਾਂ ’ਤੇ ਗੁਟਕਾ ਸਾਹਿਬ ਝੂਠੀ ਸਹੁੰ ਖਾਧੀ। ਬਠਿੰਡਾ ਦੀ ਐਮ ਪੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਅਕਾਲੀ ਦਲ ਦੇ ਨਾਲ ਡੱਟ ਕੇ ਖੜ੍ਹੇ ਹੋਣ ਕਿਉਂਕਿ ਅਕਾਲੀ ਦਲ ਨੇ ਹੀ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿਚ ਸ਼ਾਂਤੀ ਤੇ ਤਰੱਕੀ ਦਾ ਰਿਕਾਰਡ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਸਾਰੀਆਂ ਸਮਾਜ ਭਲਾਈ ਸਕੀਮਾਂ ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਸ਼ੁਰੂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਸ. ਬਾਦਲ ਦੇ ਨਕਸ਼ੇ ਕਦਮਾਂ ’ਤੇ ਚਲ ਰਿਹਾ ਹੈ ਤੇ ਉਨ੍ਹਾਂ ਮਾਤਾ ਖੀਵੀ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਜਿਸ ਤਹਿਤ ਸਮਾਜ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ ਬੀਬੀਆਂ ਜੋ ਘਰ ਦੀ ਅਗਵਾਈ ਕਰ ਰਹੀਆਂ ਹਨ, ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਲੋਕਾਂ ਦੀ ਉੱਕਾ ਹੀ ਪਰਵਾਹ ਨਹੀਂ ਹੈ। ਹਾਲ ਇਹ ਹੋ ਗਿਆ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਤਾਂ ਉਨ੍ਹਾਂ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਐਨ ਆਰ ਐਚ ਐਮ ਨਰਸਾਂ ਨੂੰ ਕੁਚਲਣ ਤੱਕ ਦੀ ਕੋਸ਼ਿਸ਼ ਕੀਤੀ। ਲਖੀਮਪੁਰ ਖੀਰੀ ਵਰਗੀ ਘਟਨਾ ਵਾਪਰਦੇ ਵਾਪਰਦੇ ਬਚੀ ਤੇ ਇਕ ਨਰਸ ਫੱਟੜ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਿਰਫ ਅਕਾਲੀ ਦਲ ਨੇ ਹੀ ਪਿਛਲੀਆਂ ਸਰਕਾਰਾਂ ਵੇਲੇ ਸਮਾਜ ਦੇ ਸਾਰੇ ਵਰਗਾਂ ਦਾ ਖਿਆਲ ਰੱਖਿਆ। ਉਨ੍ਹਾਂ ਨੇ ਖੇਤੀਬਾੜੀ ਖੇਤਰ ਲਈ ਦਿੱਤੀ ਗਈ ਮੁਫਤ ਬਿਜਲੀ ਸਹੂਲਤ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਵੱਡੇ-ਵੱਡੇ ਵਾਅਦੇ ਤਾਂ ਕਰ ਲਏ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਭਾਵੇਂ ਉਹ ਘਰ ਘਰ ਨੌਕਰੀ ਦਾ ਹੋਵੇ, 2500 ਰੁਪਏ ਮਹੀਨਾ ਬੇਰੋਜ਼ਗਾਰੀ ਭੱਤਾ, ਵਿਦਿਆਰਥੀਆਂ ਲਈ ਮੋਬਾਈਲ ਫੋਨ ਜਾਂ 51000 ਰੁਪਏ ਸ਼ਗਨ ਸਕੀਮ ਦੀ ਰਾਸ਼ੀ ਹੋਵੇ, ਕੱਖ ਵੀ ਨਹੀਂ ਦਿੱਤਾ ਗਿਆ।