ਪੰਜਾਬ ਦੇ ਫਿਰੋਜ਼ਪੁਰ ‘ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਦੁਰਲੱਭ ਕੇਸ ਹੈ। ਅਜਿਹਾ ਦੁਬਾਰਾ ਨਹੀਂ ਹੋਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਾਂ। ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਆਪਣੀ ਕਮੇਟੀ ਨੂੰ ਵਿਚਾਰਨਾ ਚਾਹੀਦਾ ਹੈ। ਪੀਐਮ ਮੋਦੀ ਦੇ ਕਾਫਲੇ ਨੂੰ ਰੋਕਣਾ ਗਲਤ ਹੈ।
ਪਟੀਸ਼ਨਰ ਐਨਜੀਓ ਵੱਲੋਂ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿੱਚ ਐਸਪੀਜੀ ਐਕਟ ਪੜ੍ਹਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਮਨ-ਕਾਨੂੰਨ ਦਾ ਮਸਲਾ ਨਹੀਂ ਹੈ, ਸਗੋਂ ਐਸਪੀਜੀ ਐਕਟ ਤਹਿਤ ਮਾਮਲਾ ਹੈ। ਇਹ ਇੱਕ ਕਾਨੂੰਨੀ ਜ਼ਿੰਮੇਵਾਰੀ ਹੈ। ਇਸ ਵਿੱਚ ਕੋਈ ਝਿਜਕ ਨਹੀਂ ਹੋ ਸਕਦੀ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਕਿਹਾ, ‘ਇਹ ਸਿਰਫ਼ ਕਾਨੂੰਨ ਵਿਵਸਥਾ ਦਾ ਨਹੀਂ, ਸਗੋਂ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ। ਰਾਜ ਸਰਕਾਰ ਨੂੰ ਵਿਧਾਨਿਕ ਪੱਧਰ ‘ਤੇ ਇਸ ਦੀ ਪਾਲਣਾ ਕਰਨੀ ਪੈਂਦੀ ਹੈ।
ਮਨਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਵੱਡੀ ਕਮੀ ਆਈ ਹੈ। ਇਸ ਮਾਮਲੇ ਦੀ ਸਪੱਸ਼ਟ ਜਾਂਚ ਜ਼ਰੂਰੀ ਹੈ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਜ਼ਰੂਰੀ ਹੈ। ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਕੋਲ ਇਸ ਮਾਮਲੇ ਦੀ ਜਾਂਚ ਦਾ ਅਧਿਕਾਰ ਨਹੀਂ ਹੈ। ਇਹ ਕਾਨੂੰਨ ਵਿਵਸਥਾ ਦਾ ਮਾਮਲਾ ਨਹੀਂ ਹੈ। ਸੂਬੇ ਵੱਲੋਂ ਜਿਸ ਵਿਅਕਤੀ ਨੂੰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਉਹ ਇਸ ਤੋਂ ਪਹਿਲਾਂ ਸੇਵਾ ਨਾਲ ਸਬੰਧਤ ਵੱਡੇ ਘਪਲੇ ਦਾ ਹਿੱਸਾ ਸੀ।
ਵੀਡੀਓ ਲਈ ਕਲਿੱਕ ਕਰੋ -: