ਨਵੀਂ ਦਿੱਲੀ: ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਪਿਛਲੇ ਹਫ਼ਤੇ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਰੋਡ ਸ਼ੋਅ ਅਤੇ ਰੈਲੀਆਂ ‘ਤੇ 15 ਜਨਵਰੀ ਤੱਕ ਪਾਬੰਦੀ ਲਗਾ ਦਿੱਤੀ ਸੀ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਚੋਣ ਕਮਿਸ਼ਨ ਇਸ ਪਾਬੰਦੀ ਨੂੰ ਵਧਾ ਸਕਦਾ ਹੈ ਅਤੇ ਜਲਦੀ ਹੀ ਇਸ ‘ਤੇ ਵੱਡਾ ਫੈਸਲਾ ਲੈ ਸਕਦਾ ਹੈ।
ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਇਹ ਪਾਬੰਦੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਗਾਈ ਸੀ ਪਰ ਕਰੀਬ ਇੱਕ ਹਫ਼ਤੇ ਬਾਅਦ ਵੀ ਸਥਿਤੀ ਸੁਧਰਨ ਦੀ ਬਜਾਏ ਲਾਗ ਦੇ ਮਾਮਲਿਆਂ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪਾਬੰਦੀ ਨੂੰ ਹੋਰ ਵਧਾਇਆ ਜਾ ਸਕਦਾ ਹੈ। . ਸੂਤਰਾਂ ਦਾ ਕਹਿਣਾ ਹੈ ਕਿ ਕਮਿਸ਼ਨ ਹੁਣ ਸਥਿਤੀ ਦਾ ਮੁਲਾਂਕਣ ਕਰੇਗਾ ਅਤੇ ਭਲਕੇ ਤੱਕ ਨਵਾਂ ਹੁਕਮ ਜਾਰੀ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ 8 ਜਨਵਰੀ ਨੂੰ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ। ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਅਜਿਹੀਆਂ ਸਾਰੀਆਂ ਰੈਲੀਆਂ ਅਤੇ ਜਨਤਕ ਮੀਟਿੰਗਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਉਦੋਂ ਚੋਣ ਕਮਿਸ਼ਨ ਵੱਲੋਂ ਕਿਹਾ ਗਿਆ ਸੀ ਕਿ 15 ਜਨਵਰੀ ਤੋਂ ਠੀਕ ਪਹਿਲਾਂ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ, ਜੇ ਸਥਿਤੀ ਸੁਧਰਦੀ ਹੈ ਤਾਂ ਉਸ ਮੁਤਾਬਕ ਫੈਸਲਾ ਲਿਆ ਜਾਵੇਗਾ। ਹੁਣ ਇਸ ਸਬੰਧੀ ਕਮਿਸ਼ਨ ਵੱਲੋਂ ਕੋਈ ਹੁਕਮ ਜਾਰੀ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਪਾਰਟੀਆਂ ਅਤੇ ਨੇਤਾਵਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਘਰ-ਘਰ ਪ੍ਰਚਾਰ ਕਰ ਸਕਦੇ ਹਨ। ਨਾਲ ਹੀ ਆਪਣੀ ਗੱਲ ਲੋਕਾਂ ਤੱਕ ਵਰਚੁਅਲ ਤਰੀਕੇ ਨਾਲ ਪਹੁੰਚਾ ਸਕਦੇ ਹਨ। ਕਈ ਪਾਰਟੀਆਂ ਨੇ ਇਹ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਪਰ ਵੱਡੀਆਂ ਪਾਰਟੀਆਂ ਅਜੇ ਵੀ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਯੂਪੀ ਵਰਗੇ ਸੂਬੇ ਵਿੱਚ ਰੈਲੀਆਂ ਤੋਂ ਬਿਨਾਂ ਪ੍ਰਚਾਰ ਕਿਵੇਂ ਕੀਤਾ ਜਾਵੇ।