ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅੱਜ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਦਿੱਤਾ ਗਿਆ ਹੈ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮਜਬੂਰੀ ਵੱਸ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ ਕਿਉਂਕਿ ਪੰਜਾਬ ਵਿੱਚ ਪਾਰਟੀ ਦੀ ਅਗਵਾਈ ਕਰਨ ਲਈ ਕੋਈ ਵੀ ਤਿਆਰ ਨਹੀਂ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਕਦੇ ਵੀ ਭਗਵੰਤ ਮਾਨ ਨੂੰ ਪੰਜਾਬ ਵਿਚ ਪਾਰਟੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ। ਕੇਜਰੀਵਾਲ ਨੇ ਮਾਨ ਦੇ ਮੂੰਹ ‘ਤੇ ਅਜਿਹਾ ਕਿਹਾ ਸੀ ਕਿ ਪਾਰਟੀ ਇਕ ਯੋਗ ਉਮੀਦਵਾਰ ਦੀ ਭਾਲ ਕਰ ਰਹੀ ਹੈ। ਇਹ ਵੀ ਇੱਕ ਹਕੀਕਤ ਹੈ ਕਿ ‘ਆਪ’ ਨੇ ਕਈ ਸੰਭਾਵੀ ਉਮੀਦਵਾਰ ਖੜ੍ਹੇ ਕੀਤੇ ਪਰ ਉਨ੍ਹਾਂ ਵਿੱਚੋਂ ਹਰੇਕ ਨੇ ਪਾਰਟੀ ਦੀ ਅਗਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਆਖਿਰਕਾਰ ਇੱਕ ਵਿਸ਼ਵਾਸ ਸਰਵੇਖਣ ਤੋਂ ਬਾਅਦ ਇਹ ਜ਼ਿੰਮੇਵਾਰੀ ਭਗਵੰਤ ‘ਤੇ ਪਾਈ ਗਈ ਹੈ। ਸ. ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਪਾਰਟੀ ਦਾ ਚਿਹਰਾ ਬਣਾਉਣਾ ‘ਆਪ’ ਦੇ ਦੀਵਾਲੀਏਪਨ ਨੂੰ ਦਰਸਾਉਂਦਾ ਹੈ। ਮਾਨ ਦੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਬਾਰੇ ਹਰ ਕੋਈ ਜਾਣਦਾ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਐਲਾਨਣਾ ਸਮਝ ਤੋਂ ਪਰ੍ਹੇ ਹੈ।
ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਮਾਨ ਇਸ ਅਹੁਦੇ ‘ਤੇ ਰਹਿਣ ਦੇ ਕਾਬਲ ਨਹੀਂ ਹਨ। ਹੁਣ ਜਦੋਂ ‘ਆਪ’ ਨੇ ਸਾਰੇ ਵਿਕਲਪ ਖਤਮ ਕਰ ਦਿੱਤੇ ਹਨ ਅਤੇ ਮਾਨ ਨੂੰ ਪੰਜਾਬ ‘ਚ ਪਾਰਟੀ ਦੀ ਅਗਵਾਈ ਕਰਨ ਲਈ ਚੁਣਿਆ ਹੈ, ਤਾਂ ਪਾਰਟੀ ਨੂੰ ਇਹ ਦੱਸਣ ਦੀ ਲੋੜ ਹੈ ਕਿ ਪੰਜਾਬੀਆਂ ਨੂੰ ਅਜਿਹੇ ਨੇਤਾ ‘ਤੇ ਭਰੋਸਾ ਕਿਉਂ ਕਰਨਾ ਚਾਹੀਦਾ ਹੈ ਜਿਸ ਨੂੰ ਕੇਜਰੀਵਾਲ ਨੇ ਇਕ ਸਾਲ ਤੋਂ ਵੱਧ ਸਮੇਂ ਲਈ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਕੇਜਰੀਵਾਲ ਪੰਜਾਬੀਆਂ ਨੂੰ ਇੰਨਾ ਭੋਲਾ ਨਹੀਂ ਸਮਝ ਸਕਦਾ ਕਿ ਉਹ ਆਪਣੇ ਰਬੜ ਦੀ ਮੋਹਰ ਵਾਲੇ ਉਮੀਦਵਾਰ ਨੂੰ ਮਨਜ਼ੂਰੀ ਦੇ ਦੇਣ। ਉਨ੍ਹਾਂ ਨੂੰ ਮਜ਼ਬੂਤ ਅਤੇ ਨਿਰਣਾਇਕ ਲੀਡਰਸ਼ਿਪ ਦੇ ਨਾਲ-ਨਾਲ ਸੂਬੇ ਵਿੱਚ ਤੇਜ਼ੀ ਨਾਲ ਵਿਕਾਸ ਕਰਨ ਦੇ ਨਾਲ-ਨਾਲ ਅਮਨ-ਕਾਨੂੰਨ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਵਾਲੇ ਨੇਤਾ ਦੀ ਲੋੜ ਹੈ। ਭਗਵੰਤ ਮਾਨ ਇਸ ‘ਤੇ ਫਿੱਟ ਨਹੀਂ ਬੈਠਦਾ।