ਦੇਸ਼ ਭਰ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਵੇਗਾ। ਜਿਸ ਦੇ ਲਈ ਸੋਮਵਾਰ ਨੂੰ ਦਿੱਲੀ ਪੁਲਿਸ ਵੱਲੋਂ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਕੋਰੋਨਾ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਗਣਤੰਤਰ ਦਿਵਸ ਸਮਾਰੋਹ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਆਉਣ ਦੀ ਇਜਾਜ਼ਤ ਹੈ, ਜਿਨ੍ਹਾਂ ਨੇ ਕੋਰੋਨਾ ਦੀਆਂ ਦੋਵੇਂ ਡੋਜ਼ ਲਗਵਾਈਆਂ ਹੋਈਆਂ ਹਨ। ਇਸ ਤੋਂ ਇਲਾਵਾ ਇਸ ਵਾਰ ਦੇ ਸਮਾਰੋਹ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ 26 ਜਨਵਰੀ ਨੂੰ ਰਾਜਪਥ ਵਿਖੇ ਆਯੋਜਿਤ ਸਮਾਗਮ ਦੌਰਾਨ ਮਾਸਕ ਪਹਿਨਣ, ਇੱਕ ਦੂਜੇ ਤੋਂ ਦੂਰੀ ਰੱਖਣ ਸਮੇਤ ਸਾਰੇ ਕੋਵਿਡ ਨਾਲ ਸਬੰਧਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਪਵੇਗੀ।
ਇਸ ਸਬੰਧੀ ਪੁਲਿਸ ਨੇ ਟਵੀਟ ਕਰਦਿਆਂ ਕਿਹਾ ਕਿ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਚਾਹੀਦੀਆਂ ਹਨ। ਮਹਿਮਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣਾ ਟੀਕਾਕਰਨ ਸਰਟੀਫਿਕੇਟ ਲੈ ਕੇ ਆਉਣ। ਉਨ੍ਹਾਂ ਕਿਹਾ ਕਿ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ।
ਇਸ ਤੋਂ ਅੱਗੇ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਸੈਲਾਨੀਆਂ ਦੇ ਬੈਠਣ ਲਈ ਸੈਕਸ਼ਨ ਸਵੇਰੇ 7 ਵਜੇ ਖੋਲ੍ਹੇ ਜਾਣਗੇ ਅਤੇ ਉਹ ਉਸੇ ਅਨੁਸਾਰ ਪਹੁੰਚਣ । ਪੁਲਿਸ ਨੇ ਲੋਕਾਂ ਨੂੰ ID Proof ਲਿਆਉਣ ਅਤੇ ਸੁਰੱਖਿਆ ਜਾਂਚਾਂ ਵਿੱਚ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਹੈ ।
ਇਹ ਵੀ ਪੜ੍ਹੋ: ਪੰਜਾਬ ‘ਚ ਸੋਮਵਾਰ ਵੀ ਪਏਗਾ ਮੀਂਹ, ਸ਼ਿਮਲਾ ‘ਚ ਬਰਫ਼ਬਾਰੀ, ਹਿਮਾਚਲ ਦੀਆਂ 629 ਸੜਕਾਂ ਜਾਮ
ਇਸ ਸਬੰਧੀ ਦਿੱਲੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਐਤਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਰਾਜਧਾਨੀ ਵਿੱਚ ਸੁਰੱਖਿਆ ਲਈ 27,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਅੱਤਵਾਦ ਵਿਰੋਧੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.), ਸਹਾਇਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਅਤੇ ਇੰਸਪੈਕਟਰ, ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: