ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਡੇਰੀ ਉਮਰ ਨੂੰ ਲੈ ਕੇ ਅਜੇ ਤੱਕ ਦੁਚਿੱਤੀ ਬਣੀ ਹੋਈ ਸੀ ਕਿ ਉਹ ਇਸ ਵਾਰ ਚੋਣ ਮੈਦਾਨ ਵਿੱਚ ਉਤਰਨਗੇ ਜਾਂ ਨਹੀਂ। ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਭੰਬਲਭੂਸੇ ਨੂੰ ਦੂਰ ਕਰਦੇ ਹੋਏ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਮੀ ਹਲਕੇ ਤੋਂ ਹੀ ਚੋਣ ਲੜਨਗੇ।
ਅੱਜ ਉਨ੍ਹਾਂ ਦੇ ਲੰਬੀ ਵਿਖੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਥੇ ਹੀ ਬੀਬਾ ਬਾਦਲ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਲੰਬੀ ਹਲਕੇ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕਰ ਰਹੇ ਸਨ।
ਇਸੇ ਦੌਰਾਨ ਉਹ ਕੋਰੋਨਾ ਪੀੜਤ ਹੋ ਗਏ ਤੇ ਕਾਫੀ ਦਿਨ ਹਸਪਤਾਲ ਵਿੱਚ ਵੀ ਦਾਖ਼ਲ ਰਹੇ। ਹੁਣ ਉਹ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ ਅਤੇ ਜਲਦ ਹੀ ਆਪਣੀ ਚੋਣ ਪ੍ਰਚਾਰ ਦੀ ਮੁਹਿੰਮ ਮੁੜ ਸ਼ੁਰੂ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੀ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਹੁਣ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦਾ ਸੀ.ਐੱਮ. ਚਿਹਰਾ ਬਣੇ ਹਨ। ਇਸ ਕਰਕੇ ਵੀ ਇਹ ਸਾਫ਼ ਨਹੀਂ ਹੋ ਰਿਹਾ ਸੀ ਕਿ ਵੱਡੇ ਬਾਦਲ ਚੋਣ ਲੜਨਗੇ ਜਾਂ ਨਹੀਂ ਪਰ ਅੱਜ ਪਾਰਟੀ ਦਫ਼ਤਰ ਦੇ ਉਦਘਾਟਨ ਦੌਰਾਨ ਇਹ ਗੱਲ ਸਪੱਸ਼ਟ ਕਰ ਦਿੱਤੀ ਗਈ ਕਿ ਉਹ ਲੰਬੀ ਹਲਕੇ ਤੋਂ ਚੋਣ ਲੜਨਗੇ।