ਪਟਿਆਲਾ : ਗਣਤੰਤਰ ਦਿਵਸ ਲਈ ਬੁੱਧਵਾਰ ਨੂੰ ਪਟਿਆਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੱਕੇ ਰੋਜ਼ਗਾਰ ਦੀ ਮੰਗ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਡਾ ਹੰਗਾਮਾ ਵੇਖਣ ਨੂੰ ਮਿਲਿਆ। ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ।
ਮਨਪ੍ਰੀਤ ਸਿੰਘ ਬਾਦਲ ਗਣਤੰਤਰ ਦਿਵਸ 2022 ਦੇ ਮੌਕੇ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪਟਿਆਲਾ ਪਹੁੰਚੇ ਸਨ। ਉਨ੍ਹਾਂ ਦਾ ਵਿਰੋਧ ਕਰਨ ਲਈ ਠੇਕਾ ਮੁਲਾਜ਼ਮ ਵੀ ਉਥੇ ਪਹੁੰਚੇ ਹੋਏ ਸਨ। ਮਨਪ੍ਰੀਤ ਬਾਦਲ ਨੂੰ ਵੇਖਦੇ ਹੀ ਠੇਕਾ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਕਾਲੇ ਝੰਡੇ ਵਿਖਾਉਣੇ ਸ਼ੁਰੂ ਕਰ ਦਿੱਤੇ।
ਇਸ ਦੌਰਾਨ ਪੁਲਿਸ ਮੁਲਾਜ਼ਮਾਂ ਅਤੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਵਿਚਾਲੇ ਹੱਥੋਪਾਈ ਹੋ ਗਈ। ਪੁਲਿਸ ਨੂੰ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣਾ ਪਿਆ।
ਉਕਤ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ ਅਸੀਂ ਵਿਰੋਧ ਕਰਦੇ ਰਹਾਂਗੇ।
ਜ਼ਿਕਰਯੋਗ ਹੈ ਕਿ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਨੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ। ਇਸ ਤੋਂ ਪਹਿਲਾਂ ਵੀ ਠੇਕਾ ਮੁਲਾਜ਼ਮ ਕਈ ਵਾਰ ਮਨਪ੍ਰੀਤ ਬਾਦਲ ਦਾ ਵਿਰੋਧ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: