ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 31 ਜਨਵਰੀ ਨੂੰ ਦੇਸ਼ ਭਰ ‘ਚ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਵੱਡੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੇ ਜੋਸ਼ ਨਾਲ ਇਸ ਦੀ ਤਿਆਰੀ ਵਿੱਚ ਜੁਟੀਆਂ ਹੋਈਆਂ ਹਨ ਅਤੇ ਉਮੀਦ ਹੈ ਕਿ ਇਹ ਪ੍ਰੋਗਰਾਮ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੋਖੇ ਦੇ ਵਿਰੋਧ ਵਿੱਚ ਇਹ ਫੈਸਲਾ ਸਯੁੰਕਤ ਕਿਸਾਨ ਮੋਰਚਾ ਵੱਲੋਂ 15 ਜਨਵਰੀ ਨੂੰ ਹੋਈ ਆਪਣੀ ਮੀਟਿੰਗ ਵਿੱਚ ਲਿਆ ਗਿਆ ਸੀ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।
ਐੱਸ.ਕੇ.ਐੱਮ. ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਕਿਸਾਨ ਵਿਰੋਧੀ ਸਟੈਂਡ ਇਸ ਗੱਲ ਤੋਂ ਸਪੱਸ਼ਟ ਹੁੰਦਾ ਹੈ ਕਿ 15 ਜਨਵਰੀ ਦੇ ਫੈਸਲੇ ਤੋਂ ਬਾਅਦ ਵੀ ਭਾਰਤ ਸਰਕਾਰ ਨੇ 9 ਦਸੰਬਰ ਦੇ ਆਪਣੇ ਪੱਤਰ ਵਿੱਚ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅੰਦੋਲਨ ਦੌਰਾਨ ਕੇਸ ਤੁਰੰਤ ਵਾਪਸ ਲੈਣ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ‘ਤੇ ਪਿਛਲੇ ਦੋ ਹਫ਼ਤਿਆਂ ਤੋਂ ਕੋਈ ਕਾਰਵਾਈ ਨਹੀਂ ਹੋਈ। ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਕਮੇਟੀ ਦੇ ਗਠਨ ਦਾ ਐਲਾਨ ਨਹੀਂ ਕੀਤਾ ਹੈ। ਇਸ ਲਈ ਮੋਰਚੇ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਗੁੱਸੇ ਨੂੰ ‘ਵਿਸ਼ਵਾਸਘਾਤ ਦਿਵਸ’ ਰਾਹੀਂ ਸਰਕਾਰ ਤੱਕ ਪਹੁੰਚਾਉਣ।
ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ”ਮਿਸ਼ਨ ਉੱਤਰ ਪ੍ਰਦੇਸ਼” ਜਾਰੀ ਰਹੇਗਾ, ਜਿਸ ਰਾਹੀਂ ਇਸ ਕਿਸਾਨ ਵਿਰੋਧੀ ਸ਼ਕਤੀ ਨੂੰ ਸਬਕ ਸਿਖਾਇਆ ਜਾਵੇਗਾ। ਇਸ ਤਹਿਤ ਉੱਤਰ ਪ੍ਰਦੇਸ਼ ਦੇ ਲੋਕਾਂ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਅਜੇ ਮਿਸ਼ਰਾ ਟੈਣੀ ਨੂੰ ਬਰਖਾਸਤ ਨਾ ਕਰਨ ਅਤੇ ਗ੍ਰਿਫ਼ਤਾਰ ਨਾ ਕਰਨ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਸ਼ਵਾਸਘਾਤ ਅਤੇ ਉੱਤਰ ਪ੍ਰਦੇਸ਼ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਇਸ ਮਿਸ਼ਨ ਲਈ 3 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਮਿਸ਼ਨ ਦੇ ਨਵੇਂ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤਹਿਤ ਐਸ.ਕੇ.ਐਮ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਪਰਚੇ ਵੰਡਣ, ਪ੍ਰੈਸ ਕਾਨਫਰੰਸ, ਸੋਸ਼ਲ ਮੀਡੀਆ ਅਤੇ ਜਨਤਕ ਮੀਟਿੰਗਾਂ ਰਾਹੀਂ ਭਾਜਪਾ ਨੂੰ ਸਜ਼ਾ ਦਾ ਸੁਨੇਹਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ 23 ਅਤੇ 24 ਫਰਵਰੀ ਨੂੰ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਨੇ ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡ ਨੂੰ ਵਾਪਸ ਲੈਣ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਅਤੇ ਨਿੱਜੀਕਰਨ ਵਰਗੇ ਮੁੱਦਿਆਂ ‘ਤੇ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਭੰਬਲਭੂਸੇ ਦੀ ਕੋਈ ਗੁੰਜਾਇਸ਼ ਨਹੀਂ ਹੈ।
ਪੰਜਾਬ ਅਤੇ ਹੋਰ ਰਾਜਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਕਿਸਾਨ ਆਗੂਆਂ ਡਾ: ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਸਯੁੰਕਤ ਕਿਸਾਨ ਮੋਰਚਾ ਦਾ ਨਾਂ, ਬੈਨਰ ਜਾਂ ਪਲੇਟਫਾਰਮ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਹੀਂ ਵਰਤਿਆ ਜਾਵੇਗਾ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਮੋਰਚੇ ਵੱਲੋਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।