ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ-ਬਸਪਾ ਗਠਜੋੜ ਨੂੰ ਹੁਣ ਸ਼ਿਵ ਸੈਨਾ ਹਿੰਦੁਸਤਾਨ ਦਾ ਵੀ ਸਾਥ ਮਿਲ ਗਿਆ ਹੈ। ਸ਼ਿਵ ਸੈਨਾ ਹਿੰਦੁਸਤਾਨ ਦਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨਾਲ ਸਮਝੌਤਾ ਹੋ ਗਿਆ, ਜਿਸ ਦੇ ਤਹਿਤ ਸ਼ਿਵ ਸੈਨਾ ਹਿੰਦੁਸਤਾਨ ਦੇ ਸਮੁੱਚੇ ਕੇਡਰ ਵਲੋਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਦੀ ਹਮਾਇਤ ਕੀਤੀ ਜਾਵੇਗੀ।
ਇਹ ਸਮਝੌਤਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਕੁਮਾਰ ਗੁਪਤਾ ਦੀ ਹਾਜ਼ਰੀ ਵਿਚ ਪ੍ਰਵਾਨ ਚੜ੍ਹਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹਿੰਦੂ ਸਿੱਖ ਏਕਤਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸਭ ਤੋਂ ਜ਼ਰੂਰੀ ਹੈ ਤੇ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸ਼ਿਵ ਸੈਨਾ ਹਿੰਦੁਸਤਾਨ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਹਿੱਸਾ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗਠਜੋੜ ਦੀ ਸਰਕਾਰ ਆਉਣ ’ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਤੇ ਵਰਕਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਪਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਲਈ ਹਿੰਦੂ ਸਿੱਖ ਭਾਈਚਾਰਕ ਸਾਂਝ ਬਹੁਤ ਅਹਿਮੀਅਤ ਰੱਖਦੀ ਹੈ ਤੇ ਉਹ ਇਹ ਦੱਸਦਿਆਂ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਸ਼ਿਵ ਸੈਨਾ ਹਿੰਦੁਸਤਾਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਹਿੱਸਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ 117 ਸੀਟਾਂ ’ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਤੇ ਵਰਕਰ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਲਈ ਇਕਜੁਟ ਹੋ ਕੇ ਮਿਹਨਤ ਕਰਨਗੇ।