ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਪੈਗਾਸਸ ਜਾਸੂਸੀ ਕੇਸ, ਪੂਰਬੀ ਲੱਦਾਖ ‘ਚ ਚੀਨ ਦੀ ‘ਘੁਸਪੈਠ’ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਯਾਨੀ ਕਿ ਸੋਮਵਾਰ (31 ਜਨਵਰੀ) ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਦਨ ਵਿੱਚ ਸਾਲ 2021-22 ਦਾ ਆਰਥਿਕ ਸਰਵੇਖਣ ਪੇਸ਼ ਕਰੇਗੀ।
1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2022-23 ਦਾ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ। ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਜੋ ਵੀ ਮੁੱਦੇ ਉਠਾਏ ਜਾਣਗੇ, ਉਨ੍ਹਾਂ ‘ਤੇ ਵਿਚਾਰ ਕੀਤਾ ਜਾਵੇਗਾ।

ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀਆਂ ਮੀਟਿੰਗਾਂ ਦਿਨ ਦੇ ਵੱਖ-ਵੱਖ ਸਮੇਂ ਹੋਣਗੀਆਂ, ਤਾਂ ਜੋ ਕੋਵਿਡ ਨਾਲ ਸਬੰਧਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ। ਬਜਟ ਸੈਸ਼ਨ ਦੇ ਪਹਿਲੇ ਦੋ ਦਿਨ ਕੋਈ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ।
ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਫਰਵਰੀ ਨੂੰ ਚਰਚਾ ਦਾ ਜਵਾਬ ਦੇਣਗੇ। ਲੋਕ ਸਭਾ ਸਕੱਤਰੇਤ ਦੇ ਅਧਿਕਾਰੀਆਂ ਮੁਤਾਬਕ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਲਈ ਚਾਰ ਦਿਨ ਦਾ ਸਮਾਂ ਰੱਖਿਆ ਗਿਆ ਹੈ, ਜੋ 2 ਫਰਵਰੀ ਤੋਂ ਸ਼ੁਰੂ ਹੋਵੇਗਾ।
ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਬਜਟ ਦੀ ਵੰਡ ‘ਤੇ ਵਿਚਾਰ ਕਰਨ ਲਈ ਛੁੱਟੀ ਰਹੇਗੀ। ਬਜਟ ਸੈਸ਼ਨ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ, ਜੋ 8 ਅਪ੍ਰੈਲ ਤੱਕ ਚੱਲੇਗਾ। ਰਾਸ਼ਟਰਪਤੀ ਦਾ ਸੰਬੋਧਨ ਸੋਮਵਾਰ ਅੱਜ 31 ਜਨਵਰੀ ਨੂੰ ਸਵੇਰੇ 11 ਵਜੇ ਹੋਵੇਗਾ। ਲੋਕ ਸਭਾ ਦੀ ਬੈਠਕ 1 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਉਸੇ ਦਿਨ ਆਮ ਬਜਟ ਪੇਸ਼ ਕੀਤਾ ਜਾਵੇਗਾ। 2 ਫਰਵਰੀ ਤੋਂ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗੀ।
ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਹੇਠਲੇ ਸਦਨ ਦੀ ਬੈਠਕ ਦੌਰਾਨ ਦੋਵਾਂ ਸਦਨਾਂ ਦੇ ਚੈਂਬਰਾਂ ਅਤੇ ਗੈਲਰੀਆਂ ਦੀ ਵਰਤੋਂ ਮੈਂਬਰਾਂ ਦੇ ਬੈਠਣ ਲਈ ਕੀਤੀ ਜਾਵੇਗੀ। ਬੁਲੇਟਿਨ ਅਨੁਸਾਰ ਵਪਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਸੋਮਵਾਰ 31 ਜਨਵਰੀ ਨੂੰ ਹੋਵੇਗੀ। ਬਜਟ ਸੈਸ਼ਨ ਦੌਰਾਨ ਕੁੱਲ 29 ਬੈਠਕਾਂ ਹੋਣਗੀਆਂ, ਜਿਸ ‘ਚ ਪਹਿਲੇ ਪੜਾਅ ‘ਚ 10 ਅਤੇ ਦੂਜੇ ਪੜਾਅ ‘ਚ 19 ਬੈਠਕਾਂ ਹੋਣਗੀਆਂ। ਬਜਟ ਸੈਸ਼ਨ ਦਾ ਆਯੋਜਨ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਪੰਜ ਰਾਜਾਂ- ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























