ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਮੰਗਲਵਾਰ ਯਾਨੀ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ। ਉੱਥੇ ਹੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਕਿਸਾਨਾਂ ਦੀ ਪਾਰਟੀ ਨੂੰ ਅਜੇ ਤੱਕ ਚੋਣ ਨਿਸ਼ਾਨ ਨਹੀਂ ਮਿਲਿਆ ਹੈ। ਅੱਜ ਨਾਮਜ਼ਦਗੀ ਦੇ ਆਖ਼ਰੀ ਦਿਨ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ।
ਦਰਅਸਲ, ਸੰਯੁਕਤ ਸਮਾਜ ਮੋਰਚਾ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਚੋਣ ਕਮਿਸ਼ਨ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਹੈ। ਇਸ ਤੋਂ ਬਾਅਦ ਕਿਸਾਨ ਪਾਰਟੀ ਭੜਕ ਉੱਠੀ ਹੈ। ਸੰਯੁਕਤ ਸਮਾਜ ਮੋਰਚਾ ਦਾ ਕਹਿਣਾ ਹੈ ਕਿ ਉਹ ਆਜ਼ਾਦ ਉਮੀਦਵਾਰ ਦੇ ਤੌਰ ਉੱਤੇ ਹੀ ਚੋਣ ਲੜਨਗੇ। ਮੋਰਚੇ ਦੇ ਮੁੱਖ ਮੰਤਰੀ ਫੇਸ ਲਈ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਮੰਗਲਵਾਰ 12 ਵਜੇ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਨ੍ਹਾਂ ਤੋਂ ਇਲਾਵਾ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹੋਣਗੇ।
ਇਸ ਤੋਂ ਪਹਿਲਾਂ ਇਹ ਵਿਚਾਰ ਕੀਤਾ ਜਾ ਰਿਹਾ ਸੀ ਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਆਪਣੀ ਭਾਈਵਾਲ ਪਾਰਟੀ ਸੰਯੁਕਤ ਸੰਘਰਸ਼ ਮੋਰਚਾ ਦੇ ਕੱਪ ਪਲੇਟ ਦੇ ਚੋਣ ਨਿਸ਼ਾਨ ‘ਤੇ ਚੋਣ ਲੜ ਸਕਦੇ ਹਨ । ਪਰ ਇਸ ‘ਤੇ ਸਹਿਮਤੀ ਨਹੀਂ ਬਣ ਸਕੀ ਹੈ । ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਕਿਹਾ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨਹੀਂ ਚਾਹੁੰਦੇ ਸਨ ਕਿ ਉਹ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਸੰਯੁਕਤ ਸੰਘਰਸ਼ ਮੋਰਚੇ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ, ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨ ਸਿੱਧੇ ਤੌਰ ’ਤੇ ਹਰਿਆਣਾ ਦੇ ਆਗੂ ਦੇ ਅਧੀਨ ਹੋ ਜਾਣਗੇ।
ਦੱਸ ਦੇਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਜੇਕਰ ਅੱਜ ਨਾਮਜ਼ਦਗੀ ਪੱਤਰ ਭਰਨ ਸਮੇਂ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਸੁਧਾਰਨ ਦਾ ਮੌਕਾ ਨਹੀਂ ਮਿਲੇਗਾ। ਕਿਉਂਕਿ 2 ਫਰਵਰੀ ਤੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋਣੀ ਹੈ । ਇਸ ਲਈ ਦੇਰੀ ਨਾਲ ਲਿਆ ਗਿਆ ਫੈਸਲਾ ਮੋਰਚੇ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਹ ਯਕੀਨੀ ਤੌਰ ‘ਤੇ ਇਸ ਨੂੰ ਮਿਲਣ ਵਾਲੀਆਂ ਵੋਟਾਂ ਨੂੰ ਪ੍ਰਭਾਵਿਤ ਕਰੇਗਾ। ਇਸ ਕਾਰਨ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: