ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਸਾਰੀਆਂ ਪਾਰਟੀਆਂ ਸਣੇ ਕਾਂਗਰਸ ਵੀ ਪ੍ਰਚਾਰ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਇਸੇ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸੂਬੇ ਦੇ ਡੀਜੀਪੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੈਰ-ਕਾਨੂੰਨੀ ਰੇਤਾ ਮਾਈਨਿੰਗ ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇਐਮ ਬਾਲਾਮੁਰੂਗਨ ਵੱਲੋਂ ਪੰਜਾਬ ਦੇ ਡੀਜੀਪੀ ਵੀਕੇ ਭੰਵਰਾ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ 24 ਜਨਵਰੀ ਨੂੰ ਰਾਜਪਾਲ ਸਾਹਮਣੇ ਰੱਖੇ ਤੱਥਾਂ ਦੇ ਆਧਾਰ ’ਤੇ ਇਹ ਨਿਰਦੇਸ਼ ਦਿੱਤਾ ਹੈ। ਡੀਜੀਪੀ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨੀ ਚਾਹੀਦੀ ਹੈ ਅਤੇ ਰਾਜ ਭਵਨ ਨੂੰ ਇਸ ਮਾਮਲੇ ਵਿੱਚ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦੇਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਆਸ-ਪਾਸ ਚੱਲ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਮੌਕੇ ‘ਤੇ ਮੀਡੀਆ ਨੂੰ ਬੁਲਾ ਕੇ ਪੂਰੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰੇਤ ਮਾਫੀਆ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਸੁਰੱਖਿਆ ਹੇਠ ਚਮਕੌਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਧੰਦਾ ਚੱਲ ਰਿਹਾ ਹੈ। ਬਾਅਦ ‘ਚ ਰਾਘਵ ਚੱਢਾ ਅਤੇ ਹੋਰ ‘ਆਪ’ ਆਗੂਆਂ ਨੇ ਇਸ ਪੂਰੇ ਮਾਮਲੇ ‘ਚ ਇਕੱਠੇ ਕੀਤੇ ਸਬੂਤਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਆਮ ਆਦਮੀ ਪਾਰਟੀ (ਆਪ) ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਪੱਤਰ ਸੌਂਪ ਕੇ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਦੀ ਮੰਗ ਕੀਤੀ ਹੈ ਤੇ ਜਾਂਚ ਦੇ ਹੁਕਮ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ।