ਪੂਰੇ ਪੰਜਾਬ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਹੈ। ਇਸੇ ਨੂੰ ਲੈ ਕੇ ਅੱਜ ਭਗਵੰਤ ਮਾਨ ਦੇ ਦਫਤਰ ਦਾ ਘਿਰਾਓ ਕੀਤਾ ਗਿਆ । ਆਮ ਆਦਮੀ ਪਾਰਟੀ ਦਾ ਵੀ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਅਕਾਲੀ ਯੂਥ ਆਗੂ ਜਸਵਿੰਦਰ ਸਿੰਘ ਰਾਜਪੁਰਾ ਤੇ ਸਤਵੰਤ ਸਿੰਘ ਲੁਧਿਆਣਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਵਿਚ ਕੇਜਰੀਵਾਲ ਸਰਕਾਰ ਵੱਲੋਂ ਤਿਹਾੜ ਜੇਲ੍ਹ ਵਿਚ ਬੰਦ ਜਥੇ. ਜਗਤਾਰ ਸਿੰਘ ਹਲਵਾਰਾ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਉਨ੍ਹਾਂ ਦੀ ਰਿਹਾਈ ਸੰਭਵ ਹੋ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨੇ ਸਾਧੇ ਗਏ।
ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਈ ਦੇ ਦਿੱਤੀ ਸੀ ਪਰ ਰਿਹਾਈ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਹੀ ਰਹਿਣਾ ਪੈ ਰਿਹਾ ਹੈ। ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਮੁਤਾਬਕ 8 ਮੁੱਖ ਕੈਦੀਆਂ ਨੂੰ ਵਿਸ਼ੇਸ਼ ਮਾਫੀ ਦੇਣ ਦਾ ਐਲਾਨ ਕੀਤਾ ਸੀ, ਉਸ ਵਿਚ ਦਵਿੰਦਰਪਾਲ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਕੇਜਰੀਵਾਲ ਸਰਕਾਰ ਨੇ ਰਿਹਾਈ ਨੂੰ ਰੱਦ ਕਰ ਦਿੱਤਾ ਸੀ ਜਿਸ ਕਰਕੇ ਆਪ ਦਾ ਵਿਰੋਧ ਕੀਤਾ ਜਾ ਰਿਹਾ ਹੈ ਅੱਜ ਤੇ ਧੂਰੀ ਵਿਖੇ ਭਗਵੰਤ ਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਰੋਕਣ ਵਾਲੀ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇ ਤੇ ਨਾਲ ਹੀ ਭਗਵੰਤ ਮਾਨ ਦੇ ਦਫਤਰ ਦਾ ਘਿਰਾਓ ਕਰਨ ਪੁੱਜੇ ਲੋਕਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਦੋ-ਜਹਿਦ ਪੂਰੇ ਪੰਜਾਬ ਵਿਚ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।
ਵੀਡੀਓ ਲਈ ਕਲਿੱਕ ਕਰੋ -: