ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੀ ਭਵਿੱਖ ਵਿੱਚ ਤਿੰਨ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਦੁਬਾਰਾ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ ਜਿਨ੍ਹਾਂ ਨੂੰ ਕਿਸਾਨ ਅੰਦੋਲਨ ਤੋਂ ਬਾਅਦ ਰੱਦ ਕੀਤਾ ਗਿਆ ਸੀ। ਤੋਮਰ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਰੈਲੀ ‘ਤੇ ਆ ਰਹੇ ਹਨ।
ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਵਿਚ ਖੇਤੀ ਮੰਤਰੀ ਤੋਮਰ ਤੋਂ ਇਹ ਵੀ ਪੁੱਛਿਆ ਕਿ ਕੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਵੇਗੀ। ਇਸ ਦੇ ਜਵਾਬ ਵਿੱਚ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਫਸਲਾਂ ਦੇ ਦੋਵਾਂ ਸੀਜ਼ਨਾਂ ਵਿੱਚ ਢੁਕਵੀਂ ਔਸਤ ਗੁਣਵੱਤਾ ਦੀਆਂ 22 ਪ੍ਰਮੁੱਖ ਖੇਤੀ ਜਿਣਸਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਐਲਾਨ ਕਰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖੇਤੀ ਖੇਤਰ ਦੇ ਸੁਧਾਰਾਂ ਦੇ ਲਾਭਾਂ ਬਾਰੇ ਯਕੀਨ ਨਹੀਂ ਦਿਵਾ ਸਕੀ, ਇਸ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾ ਰਿਹਾ ਹੈ।