ਮਸ਼ਹੂਰ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ ਹੈ। ਦੀਪ ਸਿੱਧੂ ਦਿੱਲੀ ਤੋਂ ਖ਼ੁਦ ਆਪਣਾ ਵਾਹਨ ਡਰਾਈਵ ਕਰਕੇ ਵਾਪਸ ਆ ਰਹੇ ਸਨ ਕਿ ਲਗਭਗ 9 ਵਜੇ ਉਨ੍ਹਾਂ ਦੀ ਸਕਾਰਪੀਓ ਕੇ.ਐਮ.ਪੀ. ਮਾਰਗ ’ਤੇ ਇਕ ਖੜ੍ਹੇ ਹੋਏ ਕੰਟੇਨਰ ਮਗਰ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਦੀਪ ਸਿੱਧੂ ਮੌਕੇ ’ਤੇ ਹੀ ਦਮ ਤੋੜ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਸੋਨੀਪਤ ਦੇ ਖਰਖ਼ੌਦਾ ਸਥਿਤ ਹਸਪਤਾਲ ਵਿਖ਼ੇ ਲਿਜਾਈ ਗਈ ਹੈ।
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿਚ ਅਪ੍ਰੈਲ 1984 ਵਿਚ ਜਨਮੇ ਦੀਪ ਸਿੱਧੂ ਨੇ ਲਾਅ ਦੀ ਪੜ੍ਹਾਈ ਕੀਤੀ ਹੋਈ ਸੀ। ਉਹ ਕਿੰਗਫਿਸ਼ਰ ਮਾਡਲ ਹੰਟ ਦੇ ਜੇਤੂ ਵੀ ਰਹਿ ਚੁੱਕੇ ਸਨ। ਉਹ ਮਿਸਟਰ ਇੰਡੀਆ ਕਾਂਟੈਸਟ ਵਿਚ ਮਿਸਟਰ ਪਰਸਨੈਲਿਟੀ ਦਾ ਖਿਤਾਬ ਵੀ ਜਿੱਤ ਚੁੱਕੇ ਸਨ।
26 ਜਨਵਰੀ 2021 ਨੂੰ ਕਿਸਾਨ ਟਰੈਕਟਰ ਪਰੇਡ ਦੇ ਮਿੱਥੇ ਰੂਟ ਤੋਂ ਵੱਖ ਹੋ ਕੇ ਭੀੜ ਦਾ ਇੱਕ ਹਿੱਸਾ ਲਾਲ ਕਿਲੇ ਪਹੁੰਚਿਆ। ਉੱਥੇ ਮੁਜ਼ਾਹਰਾਕਾਰੀਆਂ ਨੇ ਸਿੱਖ ਧਾਰਮਿਕ ਚਿੰਨ੍ਹ ਕੇਸਰੀ ਨਿਸ਼ਾਨ ਅਤੇ ਕਿਸਾਨ ਯੂਨੀਅਨ ਦਾ ਝੰਡਾ ਲਾਲ ਕਿਲੇ ਦੀ ਫ਼ਸੀਲ ‘ਤੇ ਚੜ੍ਹਾ ਦਿੱਤਾ। ਜਦੋਂ ਇਹ ਘਟਨਾਕ੍ਰਮ ਵਾਪਰ ਰਿਹਾ ਸੀ ਤਾਂ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਦੀਪ ਸਿੱਧੂ ਵੀ ਉੱਥੇ ਮੌਜੂਦ ਸਨ ਅਤੇ ਵੀਡੀਓ ਬਣਾ ਰਹੇ ਸਨ। ਇਸ ਤੋਂ ਬਾਅਦ ਦੀਪ ਸਿੱਧੂ ਚਰਚਾ ਵਿੱਚ ਆਏ। ਦੀਪ ਸਿੱਧੂ ਦੀ ਪੁਲਿਸ ਅਫ਼ਸਰਾਂ ਨਾਲ ਅੰਗੇਰਜ਼ੀ ਵਿੱਚ ਬਹਿਸਣ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ।
ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਦੀਪ ਸਿੱਧੂ ਇਹੀ ਕਹਿ ਰਹੇ ਸਨ ਕਿ ਉਹ ਇਹ ਅੰਦੋਲਨ ਕਿਸਾਨਾਂ ਲਈ ਅਤੇ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਅਤੇ ਯੂਨੀਅਨਾਂ ਦੇ ਝੰਡੇ ਥੱਲੇ ਲੜ ਰਹੇ ਹਨ। ਕੁਝ ਸਮੇਂ ਬਾਅਦ ਦੀਪ ਸਿੱਧੂ ਨੇ ਕਿਸਾਨ ਆਗੂਆਂ ਦੇ ਫ਼ੈਸਲਿਆਂ ਉੱਪਰ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ੰਭੂ ਬਾਰਡਰ ਉੱਪਰ ਆਪਣਾ ਵੱਖਰਾ ਸਟੇਜ ਲਗਾ ਲਿਆ। ਖੇਤੀ ਕਾਨੂੰਨਾਂ ਬਾਰੇ ਗੱਲ ਨਾ ਕਰਨ ਕਰ ਕੇ ਕਿਸਾਨ ਸੰਗਠਨਾਂ ਨੇ ਉਨ੍ਹਾਂ ਉੱਪਰ ਸਿੰਘੂ ਬਾਰਡਰ ਦੀ ਮੁੱਖ ਸਟੇਜ ਤੋਂ ਬੋਲਣ ‘ਤੇ ਰੋਕ ਲਗਾ ਦਿੱਤੀ।
ਦੀਪ ਸਿੱਧੂ ਆਪਣੇ ਸੋਸ਼ਲ ਮੀਡੀਆ ਉੱਪਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਪੋਸਟਾਂ ਕਰਦੇ ਰਹਿੰਦੇ ਹਨ ਜਿਸ ਦੀ ਵਜ੍ਹਾ ਕਰ ਕੇ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਤੋਂ ਹੋਰ ਦੂਰੀ ਬਣਾ ਲਈ ਗਈ। ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ਵੱਲ ਵਧਣ ਦਾ ਸੱਦਾ ਦਿੱਤਾ ਗਿਆ ਤਾਂ ਦੀਪ ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਉਹ ਵਾਪਸ ਮੁੜ ਜਾਣ ਕਿਉਂਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਦੀ ਆਪਣੇ ਹਿੱਤਾਂ ਲਈ ਵਰਤੋਂ ਕਰ ਰਹੀਆਂ ਹਨ।
ਦੀਪ ਸਿੱਧੂ ਦੇ ਚਾਚੇ ਨੇ ਦੱਸਿਆ ਕਿ ਦੀਪ ਦੇ ਪਿਤਾ ਸ. ਸੁਰਜੀਤ ਸਿੰਘ ਪੇਸ਼ੇ ਤੋਂ ਵਕੀਲ ਹਨ ਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ ਜਿਨ੍ਹਾਂ ਵਿਚੋਂ ਨਵਦੀਪ ਸਿੰਘ ਇਸ ਸਮੇਂ ਕੈਨੇਡਾ ਵਿੱਚ ਅਤੇ ਮਨਦੀਪ ਵਕਾਲਤ ਕਰਦਾ ਹੈ ਅਤੇ ਤੀਜੇ ਦੀਪ ਸਿੱਧੂ ਸੀ। ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਰਮਤਾ ਜੋਗੀ’ ਸਾਲ 2015 ’ਚ ਰਿਲੀਜ਼ ਹੋਈ ਸੀ। ਹਾਲਾਂਕਿ ਦੀਪ ਨੇ 2018 ਦੀ ਫਿਲਮ ‘ਜੋਰਾ ਦਾਸ ਨੰਬਰੀਆ’ ਨਾਲ ਨਾਮਣਾ ਖੱਟਿਆ ਸੀ ਜਿਸ ਵਿੱਚ ਉਸ ਨੇ ਗੈਂਗਸਟਰ ਦੀ ਭੂਮਿਕਾ ਨਿਭਾਈ ਸੀ।
ਵੀਡੀਓ ਲਈ ਕਲਿੱਕ ਕਰੋ -: