ਡੇਰਾ ਸੱਚਾ ਸੌਦਾ ਮੁਖੀ ਨੂੰ ਮਿਲੀ 21 ਦਿਨ ਦੀ ਪੈਰੋਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ, ਜਿਸ ਦੀ ਅੱਜ ਸੁਣਵਾਈ ਹੈ। ਪਟਿਆਲਾ ਦੇ ਪਰਮਜੀਤ ਸਿੰਘ ਸਹੌਲੀ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਬੀਐੱਸ ਵਾਲੀਆ ਦੀ ਬੈਂਚ ਵਿਚ ਇਸ ਕੇਸ ਦੀ ਸੁਣਵਾਈ ਹੋਣੀ ਹੈ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰਮੀਤ ਰਾਮ ਰਹੀਮ ਨੂੰ ਇਹ ਰਾਹਤ ਦਿੱਤੀ ਗਈ ਹੈ ਪਰ ਇਹ ਰਾਹਤ ਵਿਧਾਨ ਸਭਾ ਚੋਣਾਂ ਦੀ ਨਿਰਪੱਖਤਾ ਲਈ ਵੱਡਾ ਖਤਰਾ ਹੈ।
ਮਾਮਲੇ ਵਿਚ ਹਰਿਆਣਾ ਸਰਕਾਰ ਸਣੇ ਹੋਰਨਾਂ ਪਾਰਟੀ ਬਣਾਇਆ ਗਿਆ ਹੈ। ਕਿਹਾ ਗਿਆ ਹੈ ਕਿ ਇੰਨੇ ਘਿਨਾਉਣੇ ਅਪਰਾਧ ਕਰਨ ਵਾਲੇ ਦੋਸ਼ੀ ਨੂੰ ਇਹ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਮੰਗ ਕੀਤੀ ਗਈ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ। ਗੁਰਮੀਤ ਰਾਮ ਰਹੀਮ ਨੂੰ ਫਿਰ ਤੋਂ ਸੁਨਾਰੀਆ ਜੇਲ੍ਹ ਵਿਚ ਰੱਖਿਆ ਜਾਵੇ। ਇਸ ਪੈਰੋਲ ਦੇ ਹੁਕਮ ਨੂੰ ਗੈਰ-ਕਾਨੂੰਨੀ ਤੇ ਗੈਰ-ਜ਼ਰੂਰੀ ਦੱਸਿਆ ਗਿਆ ਹੈ।
ਗੁਰਮੀਤ ਰਾਮ ਰਹੀਮ ਨੂੰ ਬੀਤੀ 7 ਫਰਵਰੀ ਨੂੰ ਪੈਰੋਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਹ ਗੁਰੂਗ੍ਰਾਮ ਦੇ ਨਾਮਚਰਚਾ ਘਰ ਵਿਚ ਰਹਿ ਰਿਹਾ ਹੈ। ਇਥੇ ਉਹ ਸਖਤ ਪੁਲਿਸ ਸੁਰੱਖਿਆ ਵਿਚ ਹਨ। ਉਹ ਜ਼ਿਆਦਾ ਕਿਸੇ ਨੂੰ ਮਿਲ ਨਹੀਂ ਸਕਦੇ ਤੇ ਜੋ ਲੋਕ ਉਨ੍ਹਾਂ ਨੂੰ ਮਿਲਣ ਆ ਰਹੇ ਹਨ ਉਨ੍ਹਾਂ ਦਾ ਪੁਲਿਸ ਪੂਰਾ ਰਿਕਾਰਡ ਰੱਖ ਰਹੀ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਸੀ। SGPC ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ਦੇ ਫੈਸਲੇ ਦਾ ਵਿਰੋਧ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: