ਪੰਜਾਬ ਵਿਚ ਕੱਲ੍ਹ ਵੋਟਾਂ ਪੈਣੀਆਂ ਹਨ। ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਚੋਣਾਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੋਟਿੰਗ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਖਾਸ ਜਾਣਕਾਰੀ ਦਿੱਤੀ।
ਮੁੱਖ ਚੋਣ ਅਫਸਰ ਡਾ. ਰਾਜੂ ਨੇ ਕਿਹਾ ਵੋਟਿੰਗ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੋਰੋਨਾ ਪੀੜਤਾਂ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਲਈ ਵੈਕਸੀਨੇਸ਼ਨ ਜਰੂਰੀ ਨਹੀਂ ਹੈ ਪਰ ਵੋਟ ਪਾਉਣ ਲਈ ਵੋਟਰ ਕਾਰਡ ਅਤੇ ਲਿਸਟ ਵਿੱਚ ਨਾਂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਵੋਟ ਪਾਉਣ ਲਈ ਵਾਹਨਾਂ ਦਾ ਇੰਤਜ਼ਾਮ ਕੀਤਾ ਜਾਵੇਗਾ । ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਇੱਕ ਪੋਲਿੰਗ ਬੂਥ ‘ਤੇ ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਮਦਦ ਕਰਵਾ ਰਹੇ ਹਨ।
ਪੋਲਿੰਗ ਬੂਥ ‘ਤੇ ਹੀ ਵੋਟਰਾਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਲੋਕਾਂ ਦਾ ਟੈਂਪਰੇਚਰ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦਾ ਟੈਂਪਰੇਚਰ ਸਹੀ ਪਾਇਆ ਜਾਵੇਗਾ, ਉਸ ਨੂੰ ਵੋਟ ਪਾਉਣ ਲਈ ਅੱਗੇ ਭੇਜ ਦਿੱਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਲੋਕਾਂ ਦਾ ਟੈਂਪਰੇਚਰ ਸਹੀ ਨਾ ਪਾਇਆ ਗਿਆ, ਉਨ੍ਹਾਂ ਨੂੰ ਵੋਟਿੰਗ ਦੇ ਆਖ਼ਰੀ ਘੰਟੇ ਵੋਟ ਪਾਉਣ ਲਈ ਸਹੂਲਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਕੋਰੋਨਾ ਪਾਜ਼ੇਟਿਵ ਹਨ, ਉਹ ਵੀ ਵੋਟਿੰਗ ਦੇ ਆਖ਼ਰੀ ਘੰਟੇ ਪੀ. ਪੀ. ਈ. ਕਿੱਟਾਂ ਪਾ ਕੇ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 444721 ਵਿਅਕਤੀ, 138116 ਦਿਵਿਆਂਗ ਵੋਟਰ ਅਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲਟ ਸਹੂਲਤ ਲਈ ਫਾਰਮ 12ਡੀ ਮੁਹੱਈਆ ਕਰਵਾਏ ਗਏ ਹਨ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਾਰ 18-19 ਸਾਲ ਉਮਰ ਵਰਗ ਦੇ 348836 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਸਾਰੇ ਜਿ਼ਲ੍ਹਾ ਪ੍ਰਸ਼ਾਸਨ ਪਹਿਲੀ ਵਾਰ ਇਨ੍ਹਾਂ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲੋੜੀਂਦੇ ਕਦਮ ਚੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 509405 ਵੋਟਰ, 109624 ਸਰਵਿਸ ਵੋਟਰ ਅਤੇ 158341 ਦਿਵਿਆਂਗ ਵੋਟਰ ਹਨ, ਜਦਕਿ 1608 ਪਰਵਾਸੀ ਵੋਟਰ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੈਲਕਮ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ, ਜਦਕਿ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਵੋਟਰ ਸੂਚਨਾ ਗਾਈਡਾਂ ਵੀ ਵੰਡੀਆਂ ਗਈਆਂ ਹਨ। ਡਾ: ਰਾਜੂ ਨੇ ਦੱਸਿਆ ਕਿ ਜੀ.ਪੀ.ਐਸ. ਨਾਲ ਲੈਸ 9966 ਵਾਹਨਾਂ ਦੀ ਵਰਤੋਂ ਚੋਣਾਂ ਸਬੰਧੀ ਡਿਊਟੀਆਂ ਲਈ ਕੀਤੀ ਜਾ ਰਹੀ ਹੈ।ਪੋਲਿੰਗ ਪਾਰਟੀਆਂ ਨੂੰ ਪੋਲਿੰਗ ਸਟੇਸ਼ਨਾਂ `ਤੇ ਭੇਜਣ ਲਈ 5000 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ, ਡਾ: ਰਾਜੂ ਨੇ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਨੂੰ ਠੱਲ੍ਹ ਪਾਉਣ ਲਈ ਚੌਕਸੀ ਨਾਲ ਤਲਾਸ਼ੀ ਲੈ ਰਹੀਆਂ ਹਨ। ਡਾ. ਰਾਜੂ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਡੀਸੀ, ਸੀਪੀਜ਼ ਅਤੇ ਐਸਐਸਪੀਜ਼ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸੂਚਨਾ ਜਾਂ ਸਿ਼ਕਾਇਤ ਮਿਲਣ `ਤੇ ਤੁਰੰਤ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 18 ਫਰਵਰੀ 2022 ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 500.70 ਕਰੋੜ ਰੁਪਏ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 35.43 ਕਰੋੜ ਰੁਪਏ ਦੀ 58.18 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 368.60 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 32.52 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਡਾ: ਰਾਜੂ ਨੇ ਦੱਸਿਆ ਕਿ ਰਾਜ ਵਿੱਚ 9 ਜਨਵਰੀ, 2022 ਤੋਂ 18 ਫਰਵਰੀ, 2022 ਤੱਕ 3467 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁੱਲ 3467 ਐਫਆਈਆਰਜ਼ ਵਿੱਚੋਂ 93 ਆਈ.ਪੀ.ਸੀ., 22 ਆਰ.ਪੀ. ਐਕਟ, 203 ਪ੍ਰਾਪਰਟੀ ਡੀਫੇਸਮੈਂਟ, 40 ਕੋਵਿਡ-19 ਨਾਲ ਸਬੰਧਤ, 902 ਐਨ.ਡੀ.ਪੀ.ਐਸ. ਤਹਿਤ, 2109 ਆਬਕਾਰੀ ਨਾਲ ਸਬੰਧਤ, 80 ਹਥਿਆਰਾਂ ਨਾਲ ਅਤੇ 18 ਹੋਰ ਮਾਮਲੇ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਧੁਨੀ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ 17 ਨੋਟਿਸ ਜਾਰੀ ਕੀਤੇ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁੱਣ ਤੱਕ ਉਨ੍ਹਾਂ ਨੂੰ ਸੀਵਿਜਿਲ ਐਪ `ਤੇ 19 ਫਰਵਰੀ ਤੱਕ ਕੁੱਲ 16637 ਸਿ਼ਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 12194 ਸਿ਼ਕਾਇਤਾਂ ਦਾ ਨਿਪਟਾਰਾ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 45 ਮਿੰਟ 60 ਸਕਿੰਟ ਦੇ ਸਮੇਂ ਅਤੇ 94 ਫੀਸਦ ਸ਼ੁੱਧਤਾ ਦਰਾਂ ਨਾਲ ਇਨ੍ਹਾਂ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਹੈ।
ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 619 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 565 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 54 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 507 ਸ਼ਿਕਾਇਤਾਂ ਪ੍ਰਾਪਤ ਹੋਈਆਂ , ਜਿਨਾਂ ’ਚੋਂ 467 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 40 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2805 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2616 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 189 ਪ੍ਰਕਿਰਿਆ ਅਧੀਨ ਹਨ। ਇਸੇ ਤਰਾਂ ਹੋਰ ਸਰੋਤਾਂ ਰਾਹੀਂ 2259 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2238 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 21 ਪ੍ਰਕਿਰਿਆ ਅਧੀਨ ਹਨ।
ਉਨ੍ਹਾਂ ਕਿਹਾ ਕਿ ਆਖਰੀ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) 18 ਫਰਵਰੀ, 2022 ਸ਼ਾਮ 6 ਵਜੇ ਤੋਂ ਲਾਗੂ ਹੋ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਇਸ ਸਾਈਲੈਂਸ ਪੀਰੀਅਡ ਦੌਰਾਨ ,ਜੋ ਕਿ ਸਮਾਪਤੀ ਲਾਗੂ ਹੈ, ਤੱਕ ਡਰਾਈ ਡੇ ਘੋਸਿ਼ਤ ਕੀਤਾ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ `ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਰਾਜਾਂ– ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ 3 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਸਮੇਂ ਦੌਰਾਨ ਡਰਾਈ ਡੇਅ ਐਲਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਬੰਧਤ ਖੇਤਰਾਂ/ਹਲਕੇ ਵਿੱਚ ਸਾਈਲੈਂਸ ਪੀਰੀਅਡ ਦੌਰਾਨ ਗੈਰਕਾਨੂੰਨੀ ਇੱਕਤਰਤਾਵਾਂ ਤੇ ਪਾਬੰਦੀ ਅਤੇ ਜਨਤਕ ਮੀਟਿੰਗਾਂ
ਤੇ ਵੀ ਰੋਕ ਹੋਵੇਗੀ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ, 2022 ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਉਦਯੋਗਿਕ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਪੰਜਾਬ ਵਿੱਚ 20 ਫਰਵਰੀ, 2022 ਨੂੰ ਵੋਟਾਂ ਦੀ ਮਿਤੀ ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ।