ਪੰਜਾਬ ਵਿੱਚ ਐਤਵਾਰ ਨੂੰ 117 ਵਿਧਾਨਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ । ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ । ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਸੁਰੱਖਿਆ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਵਿਚਾਲੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਵੀ ਵੋਟ ਪਾਈ ਹੈ। ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਹਨ। ਉਨ੍ਹਾਂ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਇੱਕ ਆਮ ਨਾਗਰਿਕ ਤੇ ਮੋਗਾ ਦੀ ਧੀ ਹੋਣ ਕਾਰਨ ਮੇਰੀ ਜ਼ਿੰਮੇਵਾਰੀ ਹੈ ਕਿ ਮੋਗਾ ਨੂੰ ਅੱਗੇ ਲੈ ਕੇ ਜਾਵਾਂ। ਮੈਂ ਬੂਥ ਦਾ ਦੌਰਾ ਕਰ ਰਹੀ ਹਾਂ ਤੇ ਲੋਕਾਂ ਨਾਲ ਮੁਲਾਕਾਤ ਕਰ ਰਹੀ ਹਾਂ।
ਦੱਸ ਦੇਈਏ ਕਿ ਸੂਬੇ ਵਿੱਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ਵਿੱਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਿਲ ਹਨ।
ਚੋਣ ਅਧਿਕਾਰੀ ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ ‘ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: