ਆਮ ਆਦਮੀ ਪਾਰਟੀ ਦੇ ਸੀ.ਐੱਮ. ਫੇਸ ਤੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ ਹਟਾਉਣ ਤੇ ਸੂਬੇ ਦੇ ਡਾਕਟਰਾਂ ਨੂੰ ਚੰਡੀਗੜ੍ਹ ਦੀਆਂ ਸੇਵਾਵਾਂ ਤੋਂ ਬਾਹਰ ਕੱਢਣ ਦੇ ਫੈਸਲੇ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ।
ਮਾਨ ਨੇ ਕਿਹਾ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਰਹੀ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ ਹਟਾਉਣ ਅਤੇ ਸੂਬੇ ਦੇ ਡਾਕਟਰਾਂ ਨੂੰ ਚੰਡੀਗੜ੍ਹ ਦੀਆਂ ਸਰਕਾਰੀ ਸੇਵਾਵਾਂ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਮਾਨ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਡੈਮਾਂ ਸਣੇ ਚੰਡੀਗੜ ਵਿੱਚ ਪੰਜਾਬ ਦੇ ਹੱਕਾਂ ਨੂੰ ਬਹਾਲ ਰੱਖਿਆ ਜਾਵੇ।
ਮਾਨ ਨੇ ਦੱਸਿਆ, ”ਮੋਦੀ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ‘ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਡੈਮਾਂ ਦੀ ਸੁਰੱਖਿਆ ‘ਚ ਲੱਗੀ ਪੰਜਾਬ ਪੁਲੀਸ ਫੋਰਸ ਨੂੰ ਵੀ ਹਟਾ ਦਿੱਤਾ ਹੈ। ਬੋਰਡ ਦੇ ਤਿੰਨ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਸਨਅਤੀ ਸਰੱਖਿਆ ਫੋਰਸ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਡੈਮਾਂ ਦੀ ਸੁਰੱਖਿਆ ‘ਤੇ ਖਰਚ ਆਉਂਦੇ 90 ਕਰੋੜ ਰੁਪਏ ਪੰਜਾਬ ਸਮੇਤ ਹਿੱਸੇਦਾਰਾਂ ਕੋਲੋਂ ਵਸੂਲ ਕੀਤੇ ਜਾਣਗੇ। ਮੋਦੀ ਸਰਕਾਰ ਦੇ ਫ਼ੈਸਲੇ ਕਾਰਨ ਇੱਕ ਪਾਸੇ ਪੰਜਾਬ ਦੇ ਨੌਜਵਾਨਾਂ ਕੋਲੋਂ ਰੋਜ਼ਗਾਰ ਖੋਹ ਲਿਆ ਗਿਆ ਹੈ, ਦੂਜੇ ਪਾਸੇ ਸੁਰੱਖਿਆ ਦਾ ਖਰਚਾ ਪੰਜਾਬ ਸਿਰ ਥੋਪ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ ਵਿੱਚ ਹਰ ਤਰਾਂ ਦੀਆਂ ਸੇਵਾਵਾਂ ਅਤੇ ਪ੍ਰਬੰਧਨ ਵਿੱਚ ਪੰਜਾਬ ਦਾ 60 ਫ਼ੀਸਦੀ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ ਦੀ ਪੁਲੀਸ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੇਵਾਵਾਂ ਵਿੱਚ ਪੰਜਾਬ ਤੋਂ ਪੁਲੀਸ ਮੁਲਾਜ਼ਮ, ਅਧਿਆਪਕ, ਡਾਕਟਰ ਅਤੇ ਹੋਰ ਮੁਲਾਜ਼ਮ ਡੈਪੂਟੇਸ਼ਨ ‘ਤੇ ਲਏ ਜਾਂਦੇ ਸਨ। ਪਰ ਮੋਦੀ ਸਰਕਾਰ ਨੇ ਚੰਡੀਗੜ ਵਿਚੋਂ ਪੰਜਾਬ ਦਾ ਡੈਪੂਟੇਸ਼ਨ ਖ਼ਤਮ ਕਰਨ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ, ਜਿਸ ਕਾਰਨ ਇੱਥੋਂ ਦੇ ਸਿਹਤ ਵਿਭਾਗ ਵਿੱਚੋਂ ਪੰਜਾਬ ਦੇ 112 ਡਾਕਟਰਾਂ ਨੂੰ ਹਟਾ ਦਿੱਤਾ ਗਿਆ ਅਤੇ ਹੋਰਨਾਂ ਰਾਜਾਂ ਸਮੇਤ ਕੇਂਦਰੀ ਸ਼ਾਸਤ ਪ੍ਰਦੇਸ਼ਾਂ ‘ਚੋਂ ਡਾਕਟਰ ਭਰਤੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ।”