ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜੋ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਵਿੱਤੀ ਵਰ੍ਹੇ ਸਾਲ 2022-23 ਦਾ ਬਜਟ ਪਾਸ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਚਾਲੂ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ PM ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨਾਲ ਸੰਪਰਕ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿਚ 50 ਲੱਖ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਯੂਰਪੀ ਦੇਸ਼, ਆਸਟ੍ਰੇਲੀਆ, ਯੂਕੇ ਆਦਿ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਚਾਲੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।
ਅੰਤ੍ਰਿੰਗ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਲਈ 15 ਲੱਖ ਰੁਪਏ ਸਾਲਾਨਾ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਮਿਸਾਲ ਕਾਇਮ ਕੀਤੀ ਹੈ ਅਤੇ ਉਨ੍ਹਾਂ ਦੀ ਸੋਚ ਨੂੰ ਲੈ ਕੇ ਪਿੰਗਲਵਾੜਾ ਸੁਸਾਇਟੀ ਅੱਗੇ ਵੱਧ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ 15 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਗ ਦੇ ਮਾਹੌਲ ਦਰਮਿਆਨ ਯੂਕ੍ਰੇਨ ਤੋਂ ਵਾਪਸ ਮੁੜਦੇ ਪੰਜਾਬੀ ਪਾੜ੍ਹਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ। ਇਹ ਪਾਵਨ ਸਰੂਪ ਛੱਤੀਸਗੜ੍ਹ ਅਤੇ ਮਹਾਂਰਾਸ਼ਟਰ ਦੀਆਂ ਸੰਗਤਾਂ ਲਈ ਵਿਸ਼ੇਸ਼ ਬੱਸ ਰਾਹੀਂ ਭੇਜੇ ਜਾਣਗੇ। ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਦੀ ਰਿਹਾਈ ਜਲਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕੇ ਸਜ਼ਾ ਪੂਰੀਆਂ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਇਥੋਂ ਤੱਕ ਕਿ ਕਈਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਅੜੀ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਸਲੇ ’ਤੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗੀ।
ਇਹ ਵੀ ਪੜ੍ਹੋ : RBI ਵੱਲੋਂ ਫ਼ੀਚਰ ਫੋਨ ਯੂਜ਼ਰਜ਼ ਨੂੰ ਵੱਡਾ ਤੋਹਫ਼ਾ, ਬਿਨਾਂ ਇੰਟਰਨੈੱਟ ਦੇ ਕਰ ਸਕੋਗੇ UPI ਪੇਮੈਂਟ
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਅਜਾਦਦੀਪ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ ਆਦਿ ਹਾਜ਼ਰ ਸਨ।